ਪ੍ਰਤਾਪ ਸਿੰਘ, ਤਰਨਤਾਰਨ : ਜ਼ਿਲ੍ਹਾ ਪੁਲਿਸ ਨੇ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੁਹਿੰਮ ਨੂੰ ਪਿਛਲੇ ਕੁਝ ਸਮੇਂ ਤੋਂ ਤੇਜ ਕੀਤਾ ਹੋਇਆ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਨੇ ਤਿੰਨ ਲੋਕਾਂ ਨੂੰ ਕਾਬੂ ਕਰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦੋਂਕਿ ਇਕ ਮੁਲਜ਼ਮ ਫਰਾਰ ਹੋਣ ਵਿਚ ਸਫਲ ਹੋ ਗਿਆ।

ਐਸਪੀ ਜਾਂਚ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਲਵਜੀਤ ਸਿੰਘ ਉਰਫ ਲਵ ਪੁੱਤਰ ਅਵਤਾਰ ਸਿੰਘ ਵਾਸੀ ਕੁੜੀਵਲਾਹ ਨੂੰ 6750 ਮਿਲੀਲੀਟਰ, ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੁਰਸਾਹਿਬ ਸਿੰਘ ਪੁੱਤਰ ਬਚਨ ਸਿੰਘ ਵਾਸੀ ਖਡੂਰ ਸਾਹਿਬ ਨੂੰ 6750 ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅੰਮਿ੍ਤਪਾਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਗੰਡੀਵਿੰਡ ਨੂੰ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ ਕੀਤਾ ਹੈ। ਥਾਣਾ ਹਰੀਕੇ ਦੀ ਪੁਲਿਸ ਨੇ ਮੰਗਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਬੂਹ ਦੇ ਘਰੋਂ ਇਕ ਹਜ਼ਾਰ ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ, ਜਦੋਂਕਿ ਮੁਲਜ਼ਮ ਪਹਿਲਾਂ ਹੀ ਘਰੋਂ ਫਰਾਰ ਹੋਣ 'ਚ ਸਫਲ ਹੋ ਗਿਆ। ਇਸ ਸਬੰਧੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।