ਕੈਬਨਿਟ ਮੰਤਰੀ ਈਟੀਓ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਈਟੀਓ ਨੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
Publish Date: Tue, 13 Jan 2026 05:38 PM (IST)
Updated Date: Wed, 14 Jan 2026 04:04 AM (IST)

* ਕਿਹਾ, ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ’ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਫੋਟੋ-17 ਕੈਪਸ਼ਨ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਗਰ ਕੌਂਸਲ ਜੰਡਿਆਲਾ ਵਿਖੇ 5 ਕਰੋੜ 80 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ। ਈਟੀਓ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਅਧੀਨ 15 ਲੱਖ ਰੁਪਏ ਦੀ ਲਾਗਤ ਨਾਲ ਗਲੀ ਨੇੜੇ ਹਾਊਸ ਆਫ ਅਮਨ ਵਿਰਕ ਤੇ 35 ਲੱਖ ਰੁਪਏ ਦੀ ਲਾਗਤ ਨਾਲ ਤਰਨ ਤਾਰਨ ਬਾਈਪਾਸ ਨਾਲ ਲਗਦੀਆਂ ਵੱਖ-ਵੱਖ ਗਲੀਆਂ, 50 ਲੱਖ ਰੁਪਏ ਦੀ ਲਾਗਤ ਨਾਲ ਸੇਖ ਫੱਤਾ ਗੇਟ ਤੋਂ ਸੂਏ ਤੱਕ ਗਲੀਆਂ, 2 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਜੋਤੀਸਰ ਕਾਲੋਨੀ ਦੀਆਂ ਗਲੀਆਂ ਅਤੇ 2 ਕਰੋੜ 33 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਸੀਵਰੇਜ ਤੇ ਗਲੀਆਂ ਦੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਕਾਰਜ ਲੋਕਾਂ ਨੂੰ ਬਿਹਤਰ ਸੁਵਿਧਾ ਪ੍ਰਦਾਨ ਕਰਨ ਅਤੇ ਹਲਕੇ ਦੇ ਬੁਨਿਆਦੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਹਨ। ਕੈਬਨਿਟ ਮੰਤਰੀ ਈਟੀਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ’ਚ ਕਿਸੇ ਕਿਸਮ ਦੀ ਢਿੱਲ ਮਿਠ ਬਰਦਾਸ਼ ਨਹੀ ਕੀਤੀ ਜਾਵੇਗੀ। ਈਟੀਓ ਨੇ ਪਿਛਲੀਆਂ ਸਰਕਾਰਾਂ ਤੇ ਤੰਜ ਕਸਦਿਆਂ ਕਿਹਾ ਕਿ 1992 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਸ ਜੰਡਿਆਲਾ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤਾਂ ਕੇਵਲ ਹਵਾ ਵਿਚ ਹੀ ਤੀਰ ਮਾਰਦੀਆਂ ਸਨ। ਜਦਕਿ ਮਾਨ ਸਰਕਾਰ ਨੇ ਜਮੀਨੀ ਪੱਧਰ ਤੇ ਹਰੇਕ ਪਿੰਡ ਵਿਚ ਪਹੁੰਚ ਕਰਕੇ ਲੋਕਾਂ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਅਸੀਂ ਜੋ ਵੀ ਵਿਕਾਸ ਦੀਆਂ ਗਰੰਟੀਆਂ ਦਿੱਤੀਆਂ ਸਨ, ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਹਲਕੇ ਦਾ ਵੱਧ ਵਿਕਾਸ ਤੇ ਹੁਣ ਤੱਕ ਦੀਆਂ ਸਭ ਤੋਂ ਵੱਧ ਗਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਆਧਾਰ ਤੇ ਲੋਕਾਂ ਦੀ ਕਚਿਹਿਰੀ ’ਚ ਜਾਵਾਂਗੇ ਅਤੇ ਭਾਰੀ ਬਹੁਮਤ ਨਾਲ ਜਿੱਤ ਕੇ ਮੁੜ ਸਰਕਾਰ ਬਣਾਵਾਂਗੇ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਕੰਮ ਕਰਾਂਗੇ। ਇਸ ਮੌਕੇ ਸੁਨੈਨਾ ਰੰਧਾਵਾ, ਸਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।