- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 24-25 ਨੂੰ

- ਗਿਆਨੀ ਹਰਨਾਮ ਸਿੰਘ ਖਾਲਸਾ ਤੇ ਜਥੇਦਾਰ ਕੁਲਵੰਤ ਸਿੰਘ ਨੇ ਸੰਗਤਾਂ ਨੂੰ ਵੱਧ ਚੜ੍ਹ ਕੇ ਸ੍ਰੀ ਹਜ਼ੂਰ ਸਾਹਿਬ ਪੁੱਜਣ ਦਾ ਦਿੱਤਾ ਸੱਦਾ
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ
ਚੌਕ ਮਹਿਤਾ : ਹੱਕ ਤੇ ਸੱਚ ਦੀ ਖਾਤਿਰ ਧਰਮ ਲਈ ਸੀਸ ਨਿਸ਼ਾਵਰ ਕਰਨ ਵਾਲੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ 24 ਜਨਵਰੀ ਸ਼ਨਿਚਰਵਾਰ ਤੇ 25 ਜਨਵਰੀ ਐਤਵਾਰ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹਪੂਰਵਕ ਮਨਾਏ ਜਾ ਰਹੇ ਹਨ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵੱਡੇ ਸਹਿਯੋਗ ਸਦਕਾ ਦਮਦਮੀ ਟਕਸਾਲ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਅਗਵਾਈ ਹੇਠ ਮਨਾਏ ਜਾ ਰਹੇ ਇਨ੍ਹਾਂ ਦੋ ਦਿਨਾਂ ਸ਼ਤਾਬਦੀ ਸਮਾਗਮਾਂ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਪੁੱਜਣ ਦਾ ਸੱਦਾ ਦਿੰਦੇ ਹੋਏ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਚੇਅਰਮੈਨ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਮਹਾਰਾਸ਼ਟਰ ਸਰਕਾਰ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਗਿਆਨੀ ਕੁਲਵੰਤ ਸਿੰਘ ਨੇ ਕਿਹਾ ਕਿ ਸੂਬਾ ਪੱਧਰੀ ਹੋ ਰਹੇ ਇਹ ਧਾਰਮਿਕ ਸਮਾਗਮ ਬਹੁਤ ਵਿਸ਼ਾਲ ਪੱਧਰ ’ਤੇ ਮਨਾਏ ਜਾਣਗੇ ਤੇ ਨੌਵੀਂ ਪਾਤਸ਼ਾਹੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਉੱਘੇ ਕੀਰਤਨੀਏ ਭਾਈ ਚਮਨਦੀਪ ਸਿੰਘ ਦਿੱਲੀ ਵਾਲੇ ਤੇ ਭਾਈ ਚਰਨਜੀਤ ਸਿੰਘ ਹੀਰਾ, ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਲਜੀਤ ਸਿੰਘ, ਸੱਚਖੰਡ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ਖਾਲਸਾ, ਭਾਈ ਤੇਜਵਿੰਦਰ ਸਿੰਘ ਤੇ ਭਾਈ ਤੇਜਵੰਤ ਸਿੰਘ ਤੋਂ ਇਲਾਵਾ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਆਪਣੇ ਜੱਥਿਆਂ ਸਮੇਤ ਹਾਜ਼ਰੀ ਭਰਨਗੇ।
ਇਸ ਦੇ ਨਾਲ ਬਹੁਤ ਸਾਰੀਆਂ ਪੰਥਕ ਸ਼ਖ਼ਸੀਅਤਾਂ, ਸੰਤ ਮਹਾਪੁਰਸ਼, ਪੰਥਕ ਵਿਦਵਾਨਾਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼-ਵਿਦੇਸ਼ ਤੋਂ ਹੋਰ ਵੱਡੀ ਗਿਣਤੀ ’ਚ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਇਨ੍ਹਾਂ ਸਮਾਗਮਾਂ ’ਚ ਸ਼ਾਮਲ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਤੇ ਸੂਬੇ ਦੀਆਂ ਸਰਕਾਰਾਂ ਨੂੰ ਵੀ ਬੇਨਤੀ ਕੀਤੀ ਕਿ ਇਨ੍ਹਾਂ ਦੋ ਦਿਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤਾਂ ਦੇ ਆਉਣ-ਜਾਣ ਲਈ ਉਚਿਤ ਪ੍ਰਬੰਧ ਕੀਤੇ ਜਾਣ ਤੇ ਯਾਤਰਾ ਨੂੰ ਆਸਾਨ ਤੇ ਸੌਖਾਲਾ ਬਣਾਉਣ ਲਈ ਵੱਧ ਤੋਂ ਵੱਧ ਹਵਾਈ ਜ਼ਹਾਜ਼, ਟ੍ਰੇਨਾਂ ਤੇ ਬੱਸਾਂ ਦੀ ਸੁਵਿਧਾ ਦਿੱਤੀ ਜਾਵੇ ਤਾਂ ਜੋ ਸੰਗਤਾਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਇਨ੍ਹਾਂ ਸਮਾਗਮਾਂ ’ਚ ਸ਼ਾਮਲ ਹੋ ਕੇ ਸ਼ਤਾਬਦੀ ਸਮਾਗਮਾਂ ਦਾ ਲਾਹਾ ਲੈ ਸਕਣ। ਦੋਵਾਂ ਸ਼ਖ਼ਸੀਅਤਾਂ ਨੇ ਸਮੂਹ ਨਾਮ ਲੇਵਾ ਸੰਗਤਾਂ ਨੂੰ ਅਪੀਲ਼ ਕਰਦੇ ਹੋਏ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਲਈ ਰਹਿਣ-ਸਹਿਣ ਤੇ ਲੰਗਰਾਂ ਦਾ ਖੁੱਲ੍ਹਾਂ ਪ੍ਰਬੰਧ ਕੀਤਾ ਗਿਆ ਹੈ ਤੇ ਆਵਾਜਾਈ ਲਈ ਹਰ ਸੁਵਿਧਾ ਉਪਲੱਬਧ ਹੈ। ਇਸ ਲਈ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਵੱਡੀ ਗਿਣਤੀ ’ਚ ਸ੍ਰੀ ਹਜ਼ੂਰ ਸਾਹਿਬ ਪਹੁੰਚਣ ਤੇ ਸ਼ਤਾਬਦੀ ਸਮਾਗਮਾਂ ਵਿਚ ਭਾਗ ਲੈ ਕੇ ਗੁਰੂ ਸਾਹਿਬ ਦੀ ਅਮੁੱਲੀ ਸ਼ਹਾਦਤ ਨੂੰ ਆਪਣਾ ਨਮਨ ਸਿਜਦਾ ਜ਼ਰੂਰ ਕਰਨ।