ਬੱਚਿਆਂ ਦੇ ਭੀਖ ਮੰਗਣ ’ਤੇ ਕਾਰਵਾਈ
ਜ਼ਿਲ੍ਹਾ ਬਾਲ ਸੁਰੱਖਿਆ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ
Publish Date: Mon, 19 Jan 2026 05:41 PM (IST)
Updated Date: Mon, 19 Jan 2026 05:42 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਵਿਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 04 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਗੁਰਮੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗ਼ਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਪ੍ਰਾਜੈਕਟ ਜੀਵਨਜੋਤ 2.0 ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਲਗਾਤਾਰ ਜਾਰੀ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਜ਼ਿਲ੍ਹਾ ਅੰਮ੍ਰਿਤਸਰ ਨੂੰ ਬਾਲ ਭਿਖਿਆ ਮੁਕਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਸਥਾਨ ’ਤੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਹੋਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹੋਏ ਵੇਖਦੇ ਹੋ ਤਾਂ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ। ਇਸ ਬਾਬਤ ਅੰਮ੍ਰਿਤਸਰ ਜ਼ਿਲ੍ਹੇ ਦੀ ਆਮ ਜਨਤਾ ਇਨ੍ਹਾਂ ਨੰਬਰਾਂ ’ਤੇ 1098 (ਚਾਈਲਡ ਹੈਲਪਲਾਈਨ), 9876357202, 9501291402 ਅਤੇ 9319267958 ਤੁਰੰਤ ਕਾਲ ਕਰਕੇ ਸੂਚਿਤ ਕਰੇ। ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ, ਉਨ੍ਹਾਂ ਦੀ ਟਾਸਕ ਟੀਮ ਅਤੇ ਉਨ੍ਹਾਂ ਦੀ ਟੀਮ (ਪੁਲਿਸ ਵਿਭਾਗ) ਦਾ ਵਿਸ਼ੇਸ਼ ਯੋਗਦਾਨ ਰਿਹਾ।