ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖਿਲਾਫ ਪੰਜਾਬ ਭਰ 'ਚ ਫੂਕੇ ਸਰਕਾਰ ਦੇ ਪੁਤਲੇ
ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖਿਲਾਫ ਪੰਜਾਬ ਭਰ 'ਚ ਫੂਕੇ ਸਰਕਾਰ ਦੇ ਪੁਤਲੇ
Publish Date: Tue, 20 Jan 2026 06:25 PM (IST)
Updated Date: Tue, 20 Jan 2026 06:27 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਕੀਤੀਆਂ ਗਈਆਂ ਗ਼ੈਰ-ਕਾਨੂੰਨੀ, ਗ਼ੈਰ-ਲੋਕਤੰਤਰਿਕ ਗ੍ਰਿਫ਼ਤਾਰੀਆਂ ਅਤੇ ਜ਼ਿਲ੍ਹਾ ਸੰਗਰੂਰ ਵਿਚ ਧਰਨੇ ਦੀ ਸਮਾਪਤੀ ਤੋਂ ਕਿਸਾਨਾਂ ਮਜ਼ਦੂਰਾਂ ’ਤੇ ਕੀਤੇ ਗਏ ਲਾਠੀਚਾਰਜ਼ ਦੇ ਖ਼ਿਲਾਫ਼ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਰ ਵਿਚ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਾਰਵਾਈ ਸ਼ਾਂਤਮਈ ਤਰੀਕੇ ਨਾਲ ਆਪਣੇ ਲੋਕਤੰਤਰਿਕ ਅਧਿਕਾਰਾਂ ਦੀ ਮੰਗ ਕਰ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਲਗਭਗ 15 ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਬੀਕੇਯੂ ਏਕਤਾ ਆਜ਼ਾਦ ਦੇ 23 ਮੈਂਬਰਾਂ ਨੂੰ ਸੰਗਰੂਰ ਜੇਲ੍ਹ ਭੇਜਿਆ ਗਿਆ ਹੈ, ਜਦਕਿ ਸੀਨੀਅਰ ਆਗੂ ਦਿਲਬਾਗ਼ ਸਿੰਘ ਹਰਿਗੜ੍ਹ ਅਤੇ ਜਸਵਿੰਦਰ ਸਿੰਘ ਲੋਂਗੋਵਾਲ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਹੈ। ਇਹ ਸਾਰੀ ਕਾਰਵਾਈ ਸਰਕਾਰੀ ਤਾਕਤ ਦੀ ਦੁਰਵਰਤੋਂ ਅਤੇ ਕਿਸਾਨ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੇ ਸ਼ਾਮ ਤੱਕ ਸਾਰੇ ਆਗੂ ਰਿਹਾਅ ਨਹੀਂ ਹੁੰਦੇ ਤਾਂ ਇਨ੍ਹਾਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ 20 ਜਨਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੰਗਰੂਰ ਅਤੇ ਅੰਮ੍ਰਿਤਸਰ ਦੇ ਐੱਸਐੱਸਪੀ ਦਫ਼ਤਰ ਦੇ ਬਾਰ ਮੂਹਰੇ ਧਰਨੇ ਸ਼ੁਰੂ ਕੀਤੇ ਜਾਣਗੇ ਅਤੇ ਅਗਰ ਸਾਰੇ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਵਿੱਚ ਹੋਰ ਮੋਰਚੇ ਵੀ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਹ ਪ੍ਰਦਰਸ਼ਨ ਅੰਮ੍ਰਿਤਸਰ ਗੋਲਡਨ ਗੇਟ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਹੋਸ਼ਿਆਰਪੁਰ, ਫਗਵਾੜਾ, ਕਪੂਰਥਲਾ, ਸੁਲਤਾਨਪੁਰ ਲੋਧੀ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ, ਪਾਤੜਾਂ, ਰਾਜਪੁਰਾ, ਲੋਂਗੋਵਾਲ, ਬਠਿੰਡਾ, ਰਾਮਪੁਰਾ ਫੂਲ, ਮਾਨਸਾ, ਫਾਜ਼ਿਲਕਾ, ਮਲੇਰਕੋਟਲਾ ਅਤੇ ਮੋਹਾਲੀ ਸਮੇਤ ਸੈਂਕੜੇ ਪਿੰਡ ਅਤੇ ਬਲਾਕ ਪੱਧਰ ਤੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅੰਬਾਲਾ, ਯਮੁਨਾਨਗਰ, ਪੰਚਕੂਲਾ, ਕੈਥਲ, ਕੁਰੂਕਸ਼ੇਤਰ ਅਤੇ ਸ਼ਾਹਾਬਾਦ ਵਿਚ ਵੀ ਕਿਸਾਨ ਮਜ਼ਦੂਰ ਮੋਰਚਾ ਦੇ ਸਾਥੀਆਂ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਸਾੜੇ ਗਏ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਸਾਡੇ ਗ੍ਰਿਫ਼ਤਾਰ ਅਤੇ ਜੇਲ੍ਹ ਵਿੱਚ ਬੰਦ ਸਾਰੇ ਕਿਸਾਨ ਆਗੂਆਂ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਵੀ ਤਿੱਖੇ, ਵਿਆਪਕ ਪੱਧਰ ਤੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਦਬਾਅ ਨਾਲ ਕਿਸਾਨ ਅੰਦੋਲਨ ਨਹੀਂ ਟੁੱਟੇਗਾ, ਸਗੋਂ ਹੋਰ ਮਜ਼ਬੂਤ ਹੋਵੇਗਾ। ਕਿਸਾਨ ਮਜ਼ਦੂਰ ਮੋਰਚਾ ਸਪੱਸ਼ਟ ਕਰਦਾ ਹੈ ਕਿ ਇਨਸਾਫ਼ ਅਤੇ ਲੋਕਤੰਤਰਿਕ ਅਧਿਕਾਰ ਬਹਾਲ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।