26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
Publish Date: Tue, 20 Jan 2026 07:07 PM (IST)
Updated Date: Tue, 20 Jan 2026 07:09 PM (IST)

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਝੰਡਾ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਮੁਕੰਮਲ ਰੂਪ ਦੇਣ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹਰਦੀਪ ਸਿੰਘ ਮੁ਼ੰਡੀਆਂ ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਹੋਣਗੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟਸ ਅਤੇ ਸਕੂਲੀ ਵਿਿਦਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਾਮਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਪਿਯੂਸ਼ਾ, ਐਸਡੀਐਮ ਮਨਕੰਵਲ ਸਿੰਘ ਚਾਹਲ, ਐਸਡੀਐਮ ਅਮਨਪ੍ਰੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।