- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਫੋਟੋ-1
ਕੈਪਸ਼ਨ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਸਨਮਾਨਿਤ ਕਰਦੇ ਹੋਏ ਡੀਸੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਸ਼ਖਸੀਅਤਾਂ।
* ਕਿਹਾ, ਗੈਂਗਸਟਰਾਂ ਨੂੰ ਸੂਬੇ ’ਚੋਂ ਪੂਰੀ ਤਰ੍ਹਾਂ ਕੀਤਾ ਜਾਵੇਗਾ ਖ਼ਤਮ
* ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਲਹਿਰਾਇਆ ਅੰਮ੍ਰਿਤਸਰ ’ਚ ਤਿਰੰਗਾ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : 77ਵੇਂ ਗਣਤੰਤਰ ਦਿਵਸ ’ਤੇ ਗੁਰੂ ਨਾਨਕ ਸਟੇਡੀਅਮ ਦੇਸ਼ ਭਗਤੀ ਤੇ ਸੱਭਿਆਚਾਰਕ ਮਾਹੌਲ ’ਚ ਰੰਗਿਆ ਨਜ਼ਰ ਆਇਆ। ਇਸ ਜ਼ਿਲ੍ਹਾ ਪੱਧਰੀ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ ਕੌਮੀ ਤਿਰੰਗਾ ਲਹਿਰਾਉਣ ਨਾਲ ਹੋਈ। ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ ’ਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਆਜ਼ਾਦੀ ਘੁਲਾਟੀਆਂ ਵੱਲੋਂ ਪਾਏ ਯੋਗਦਾਨ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ’ਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਤਿਰੰਗਾ ਲਹਿਰਾਇਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਲੋਕਾਂ ਨਾਲ ਕੀਤੀਆਂ ਸੀ, ਉਸ ਨੂੰ ਅਸੀਂ ਪੂਰਾ ਕਰਨ ’ਚ ਕਾਫ਼ੀ ਹੱਦ ਤੱਕ ਪੂਰਾ ਕਰਨ ’ਚ ਕਾਮਯਾਬ ਰਹੇ ਹਾਂ ਅਤੇ ਬਾਕੀ ਰਹਿੰਦੀਆਂ ਗਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਸਿੱਖਿਆ, ਸਿਹਤ, ਬਸਾਂ ਵਿਚ ਮੁਫ਼ਤ ਸਫ਼ਰ, ਮੁਫ਼ਤ ਬਿਜਲੀ ਆਦਿ ਸਹੂਲਤਾਂ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੰਡੀਆਂ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਇਕ ਨਵੀਂ ਪੁਲਾਂਘ ਪੁੱਟਦਿਆਂ ਹਰੇਕ ਪੰਜਾਬ ਵਿੱਚ ਰਹਿਣ ਵਾਲੇ ਪਰਿਵਾਰ ਦਾ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਹਰੇਕ ਤਰ੍ਹਾਂ ਦੇ ਟੈਸਟ ਮੁਫ਼ਤ ਹੋਣਗੇ ਅਤੇ ਸੂਬੇ ਭਰ ਵਿੱਚ 900 ਤੋਂ ਵਧੇਰੇ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 46 ਮਹੀਨਿਆਂ ਦੌਰਾਨ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ। ਕੈਬਨਿਟ ਮੰਤਰੀ ਮੁੰਡੀਆਂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਅਰੰਭ ਦਿੱਤੀ ਹੈ ਅਤੇ ਜਲਦ ਹੀ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ 3 'ਬਾਜ਼ ਅੱਖ' ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ‘ਪ੍ਰਾਜੈਕਟ ਜੀਵਨਜੋਤ’ ਤਹਿਤ 1023 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ ਅਤੇ ਪੁਨਰਵਾਸ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕਰਕੇ ਚਾਲੂ ਵਿੱਤੀ ਸਾਲ ਦੌਰਾਨ 64 ਬਾਲ ਵਿਆਹ ਰੋਕੇ ਗਏ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ "ਸੜਕ ਸੁਰੱਖਿਆ ਫੋਰਸ" ਵੱਲੋਂ ਹੁਣ ਤੱਕ 19 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜ਼ਾਰ ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ। ਇਸ ਨਾਲ ਸੜਕੀ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦਰ ਵਿੱਚ 50 ਫ਼ੀਸਦੀ ਗਿਰਾਵਟ ਆਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਕੌਮਾਂਤਰੀ ਖੇਡਾਂ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀਸੀਐਸ ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਅੰਮ੍ਰਿਤਸਰ ਜਿਲ੍ਹੇ ਦੀ ਗੱਲ ਕਰਦਿਆਂ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਮਜੀਠਾ ਹਲਕੇ ਵਿੱਚ 11 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨਾਲ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਮਜੀਠਾ ਵਿੱਚ 23 ਨਵੀਆਂ ਪੇਂਡੂ ਲੰਿਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਇਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਇਸ ਤੋਂ ਇਲਾਵਾ ਅਜਾਨਾਲ ਖੇਤਰ ਦੇ ਬੱਚਿਆਂ ਲਈ ਨਵੇਂ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ਤੇ 15 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਅੰਮ੍ਰਿਤਸਰ-ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇਂ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਪੁਲ ਨੂੰ ਬਣਾਉਣ 'ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਫਲਾਈਓਵਰ ਆਉਂਦੇ 24 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਮੁੱਖ ਮਹਿਮਾਨ ਵਲੋਂ ਸਿੱਖਿਆ ਵਿਭਾਗ ਦੀ ਝਾਂਕੀ ਨੂੰ ਪਹਿਲਾ ਸਥਾਨ, ਪੀਐਸਪੀਸੀਐਲ ਵਿਭਾਗ ਦੀ ਝਾਕੀ ਨੂੰ ਦੂਸਰਾ ਸਥਾਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਤੀਸਰਾ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੰਡੀਆਂ ਵਲੋਂ ਆਪਣੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਜਤਿੰਦਰ ਕੌਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏਡੀਜੀਪੀ ਆਰਕੇ ਜੈਸਵਾਲ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਮੇਅਰ ਨਗਰ ਨਿਗਮ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਪ੍ਰਭਬੀਰ ਸਿੰਘ ਬਰਾੜ, ਚੇਅਰਮੈਨ ਰਵਿੰਦਰ ਹੰਸ, ਚੇਅਰਮੈਨ ਸਤਪਾਲ ਸੋਖੀ, ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਕਟਾਰੀਆ, ਜਸਕਰਨ ਸਿੰਘ ਬੰਦੇਸ਼ਾ, ਤਲਬੀਰ ਸਿੰਘ ਗਿੱਲ, ਲੇਬਰ ਕਮਿਸ਼ਨਰ ਹਰਜੀਤ ਸਿੰਘ ਆਹਲੂਵਾਲੀਆ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।