ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਲਗਾਏ 57 ਵਿਸ਼ੇਸ਼ ਕੈਂਪ
ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ’ਚ ਲਗਾਏ ਗਏ 57 ਵਿਸ਼ੇਸ਼ ਕੈਂਪ
Publish Date: Tue, 03 Feb 2026 06:32 PM (IST)
Updated Date: Tue, 03 Feb 2026 06:35 PM (IST)

41 ਸੁਵਿਧਾ ਕੇਂਦਰਾਂ ਤੇ 486 ਕਾਮਨ ਸਰਵਿਸ ਸੈਂਟਰਾਂ ’ਚ ਵੀ ਬਣਾਏ ਜਾ ਰਹੇ ਨੇ ਕਾਰਡ ਡਿਪਟੀ ਕਮਿਸ਼ਨਰ ਨੇ ਕੈਂਪਾਂ ਦਾ ਦੌਰਾ ਕਰ ਕੇ ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਣਨੇ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ 57 ਮੋਬਾਇਲ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜ਼ਿਸਟ੍ਰੇਸ਼ਨ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਚੱਲ ਰਹੇ 41 ਸੁਵਿਧਾ ਕੇਂਦਰਾਂ ਤੇ 486 ਕਾਮਨ ਸਰਵਿਸ ਸੈਂਟਰਾਂ ’ਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹੇ ਵਿਚ ਲੱਗੇ ਵਿਸ਼ੇਸ਼ ਕੈਂਪਾਂ ਦਾ ਮੌਕੇ ‘ਤੇ ਜਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਿਹਤ ਯੋਜਨਾ ਦਾ ਕਾਰਡ ਬਣਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਲੋਕਾਂ ਨੂੰ ਵੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਪ੍ਰੇਰਿਤ ਕਰਨ। ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੀ ਸਿਹਤ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਦਾ ਸਿਹਤ ਬੀਮਾ ਕਵਰ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 89 ਨਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨ੍ਹਾਂ ਸੂਚੀਬੱਧ ਸੰਸਥਾਵਾਂ ’ਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅੰਮ੍ਰਿਤਸਰ, ਸਬ ਡਵੀਜ਼ਨਲ ਹਸਪਤਾਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਇਹ ਕਾਰਡ ਬਣਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜ਼ਰੂਰੀ ਹੈ, ਜਿਹੜੇ ਮੈਂਬਰ 18 ਸਾਲ ਤੋਂ ਘੱਟ ਹਨ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਅਧਾਰ ਕਾਰਡ ਨਾਲ ਲੈ ਕੇ ਜਾਣਾ ਜ਼ਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਜ਼ਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ।