ਹੱਕੀ ਮੰਗਾਂ ਲਈ ਪੈਨਸ਼ਨਰ ਖਾ ਰਹੇ ਸੜਕਾਂ 'ਤੇ ਧੱਕੇ
ਹੱਕੀ ਮੰਗਾਂ ਲਈ ਪੈਨਸ਼ਨਰ ਖਾ ਰਹੇ ਸੜਕਾਂ 'ਤੇ ਧੱਕੇ
Publish Date: Tue, 10 Feb 2026 04:11 PM (IST)
Updated Date: Tue, 10 Feb 2026 04:14 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ: ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਰਾਮ ਬਾਗ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੀ ਰਸਮੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਜਥੇਬੰਦੀ ਦੇ ਸੀਨੀਅਰ ਪੈਨਸ਼ਨਰ ਸਾਥੀ ਸਰਦੂਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਉਨ੍ਹਾਂ ਦੀ ਰੂਹ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਜਥੇਬੰਦੀ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਸੁਖਦੇਵ ਸਿੰਘ ਪੰਨੂੰ ਪ੍ਰਧਾਨ ਵੱਲੋਂ ਮੀਟਿੰਗ ਦੀ ਰਸਮੀ ਸ਼ੁਰੂਆਤ ਕਰਦਿਆਂ ਜਥੇਬੰਦੀ ਦੀਆਂ ਪਿਛਲੇ ਇਕ ਮਹੀਨੇ ਦੀਆਂ ਗਤੀਵਿਧੀਆਂ ਦੀ ਰਿਪੋਰਟਿੰਗ ਕਰਨ ਉਪਰੰਤ ਜਥੇਬੰਦੀ ਦੇ ਕੈਸ਼ੀਅਰ ਨਰਿੰਦਰ ਸ਼ਰਮਾ ਵਲੋਂ ਜਥੇਬੰਦੀ ਦੀ ਵਿੱਤ ਰਿਪੋਰਟ ਪੇਸ਼ ਕੀਤੀ ਗਈ। ਇਸ ਉਪਰੰਤ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ, ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਗੁਰਦਿਆਲ ਮਾਹਵਾ, ਐਚਐਸ ਭੁੱਲਰ, ਵਿਨੋਦ ਪੁੰਜ, ਨਰਿੰਦਰ ਸ਼ਰਮਾ ਕੈਸ਼ੀਅਰ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਹੱਲ ਪ੍ਰਤੀ ਅਪਣਾਈ ਨੀਅਤ ਅਤੇ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਪ੍ਰਚਾਰ ਕਰ ਰਹੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਬਜ਼ੁਰਗਾਂ ਦਾ ਮਾਣ -ਸਤਿਕਾਰ ਕਰਦੀ ਹੈ ਪਰ ਬਜ਼ੁਰਗ ਪੈਨਸ਼ਨਰਾਂ ਬਾਰੇ ਸਰਕਾਰ ਦੀ ਨੀਤੀ ਬਿਲਕੁਲ ਇਸ ਦੇ ਬਿਲਕੁਲ ਉਲਟ ਹੈ ਅਤੇ ਪੈਨਸ਼ਨਰਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ਤੇ ਧੱਕੇ ਖਾਣੇ ਪੈ ਰਹੇ ਹਨ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਪੈਨਸ਼ਨਰਜ ਜੁਆਇੰਟ ਫਰੰਟ ਪੰਜਾਬ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਮਿਤੀ 13 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ ਦਿੱਤਾ ਜਾਵੇਗਾ ਅਤੇ ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਪੂਰੇ ਪੰਜਾਬ ਦੇ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਮਹਾਂ ਰੈਲੀ ਅਤੇ ਰੋਸ ਮਾਰਚ ਕੱਢਣਗੇ ।ਇਸੇ ਤਰ੍ਹਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਉਲੀਕੇ ਸੰਘਰਸ਼ ਤਹਿਤ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਚੰਡੀਗੜ ਵਿਖੇ ਪੂਰੇ ਪੰਜਾਬ ਦੀ ਵੱਡੀ ਰੈਲੀ ਕਰਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਨ੍ਹਾਂ ਸਾਰੇ ਪ੍ਰੋਗਰਾਮਾਂ ਦੀ ਜਿੰਮੇਵਾਰ ਪੰਜਾਬ ਸਰਕਾਰ ਦੇ ਸਿਰ ਹੋਵੇਗੀ। ਮੀਟਿੰਗ ਵਿਚ ਸਾਰੇ ਬੁਲਾਰਿਆਂ ਨੇ ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ਸੂਬੇ ਵਿੱਚ ਮੁਲਾਜ਼ਮਾਂ ਨੂੰ ਡੀ ਏ ਬਾਰੇ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਨੂੰ ਵੀ ਇਸ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਡੀਏ ਦੀਆਂ ਕਿਸ਼ਤਾਂ ਅਤੇ ਪਿਛਲੇ ਬਕਾਏ ਦੀ ਤੁਰੰਤ ਅਦਾਇਗੀ ਕਰਨੀ ਚਾਹੀਦੀ ਹੈ। ਮੀਟਿੰਗ ਦੀ ਕਾਰਵਾਈ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਤੀ 1-1-16 ਤੋਂ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧੀਆਂ ਜਾਣ ਅਤੇ ਮਿਤੀ 1-1-16 ਤੋਂ ਸੋਧੀਆਂ ਪੈਨਸ਼ਨਾਂ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ, ਕੇਂਦਰ ਅਤੇ ਗੁਆਂਢੀ ਸੂਬਿਆਂ ਦੀ ਤਰਜ਼ ਤੇ ਡੀਏ ਦੀਆਂ ਹੁਣ ਤੱਕ ਰਹਿੰਦੀਆਂ ਕਿਸ਼ਤਾਂ ਕੁੱਲ 16 ਪ੍ਰਤੀਸ਼ਤ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪਹਿਲਾਂ ਜਾਰੀ ਕੀਤੀਆਂ ਕਿਸ਼ਤਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000/-ਕੀਤਾ ਜਾਵੇ ਅਤੇ ਅਦਾਲਤਾਂ ਵੱਲੋਂ ਸਮੇਂ-ਸਮੇਂ ’ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇ। ਇਕੱਤਰਤਾ ਵਿਚ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਰੰਧਾਵਾ, ਕੁਲਦੀਪ ਸਿੰਘ ਸੰਧੂ, ਸਤਨਾਮ ਸਿੰਘ, ਸੁਖਵੰਤ ਸਿੰਘ ਔਲਖ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਸਵਿੰਦਰ ਪਾਲ ਸਿੰਘ, ਅਵਿਨਾਸ਼ ਕੁਮਾਰ, ਰਜੀਵ ਕੁਮਾਰ, ਰਣਜੀਤ ਸਿੰਘ ਤੋਂ ਇਲਾਵਾ ਹੋਰ ਵੀ ਪੈਨਸ਼ਨਰ ਸਾਥੀ ਹਾਜ਼ਰ ਸਨ ।