- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

* ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ’ਚ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ
ਫੋਟੋ-8
ਕੈਪਸ਼ਨ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਕੁਲਵੰਤ ਸਿੰਘ ਮੰਨਣ, ਫੁੰਮਣ ਸਿੰਘ ਤੇ ਹੋਰ।
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਤੇ ਉਨ੍ਹਾਂ ਨਾਲ ਆਏ ਸੀਨੀਅਰ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਬਖ਼ਸ਼ਿਸ਼ ਕੀਤੀ ਹੈ ਕਿ ਉਹ ਜਿਥੇ ਵੀ ਰਹੇ ਸਰਬੱਤ ਦੇ ਭਲੇ ਦਾ ਕਾਰਜ ਕਰੇ। ਇਸੇ ਤਹਿਤ ਹੀ ਦੇਸ਼ ਦੁਨੀਆਂ ਅੰਦਰ ਵੱਸੇ ਸਿੱਖ ਗੁਰੂ ਦੇ ਹੁਕਮ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਨੇਡਾ ਦੀ ਧਰਤੀ ’ਤੇ ਵੀ ਸਿੱਖਾਂ ਨੇ ਕਾਰੋਬਾਰਾਂ ਦੇ ਨਾਲ-ਨਾਲ ਸਿਆਸਤ ’ਚ ਵੀ ਵੱਡੇ ਮੁਕਾਮ ਹਾਸਲ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ ਤੇ ਅਮਨਪ੍ਰੀਤ ਸਿੰਘ ਪੂਰਨ ਤੌਰ ’ਤੇ ਸਿੱਖੀ ਸਰੂਪ ’ਚ ਹਨ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਐੱਮਪੀ ਜਿਥੇ ਆਪਣੇ ਖੇਤਰ ’ਚ ਵੱਡੀਆਂ ਸੇਵਾਵਾਂ ਕਰ ਰਹੇ ਹਨ, ਉਥੇ ਹੀ ਸਿੱਖੀ ਦੇ ਪ੍ਰਚਾਰ ਲਈ ਵੀ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸ੍ਰੀ ਅੰਮ੍ਰਿਤਸਰ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੀ-ਆਇਆਂ ਆਖਿਆ ਅਤੇ ਕੈਨੇਡਾ ਅੰਦਰ ਸਿੱਖੀ ਪ੍ਰਚਾਰ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਪਾਰਲੀਮੈਂਟ ’ਚ ਵੱਡੀ ਗਿਣਤੀ ਵਿਚ ਪੰਜਾਬੀ ਐੱਮਪੀ ਹਨ, ਜਿਨ੍ਹਾਂ ਤੋਂ ਭਾਈਚਾਰੇ ਨੂੰ ਹਮੇਸ਼ਾ ਵੱਡੀਆਂ ਉਮੀਦਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਵੀ ਆਪਣੇ ਖੇਤਰ ’ਚ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸੇ ਦੌਰਾਨ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਨੇ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਫੁੰਮਣ ਸਿੰਘ, ਅਮਰਜੀਤ ਸਿੰਘ ਬੰਡਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਬੈਂਸ, ਅੰਮ੍ਰਿਤ ਹੇਅਰ, ਗੁਰਪ੍ਰਤਾਪ ਸਿੰਘ, ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।