ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ’ਚ ਵਪਾਰੀਆਂ ਨਾਲ ਮੁਲਾਕਾਤ
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ
Publish Date: Tue, 31 Mar 2026 06:57 PM (IST)
Updated Date: Wed, 01 Apr 2026 04:13 AM (IST)

ਫੋਟੋ ਕੈਪਸ਼ਨ : ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਦੌਰਾਨ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਨਾਲ। * ਵਪਾਰੀਆਂ ਵੱਲੋਂ ਉਠਾਏ ਮੁੱਦੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ ਹੱਲ * ਵਿਧਾਇਕ ਧਾਲੀਵਾਲ, ਐੱਸਡੀਐੱਮ ਅਜਨਾਲਾ ਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਜਨਾਲਾ : ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਤਹਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬੀਤੀ ਸ਼ਾਮ ਅਜਨਾਲਾ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਸਥਾਨਕ ਵਪਾਰੀਆਂ, ਜਨ ਪ੍ਰਤਿਿਨਧੀਆਂ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਨਾਲ ਸਬੰਧਤ ਕਈ ਮੁੱਦੇ ਉਠਾਏ ਗਏ। ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਾਰੇ ਜਾਇਜ਼ ਮੁੱਦਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਪ੍ਰਤਿਿਨਧੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਕੀਨ ਦਵਾਇਆ। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਸਬ-ਡਿਵੀਜ਼ਨਲ ਮੈਜਿਸਟ੍ਰੇਟ ਅਜਨਾਲਾ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਰਾਜ ਵਿੱਚ ਵਪਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਾਰੋਬਾਰ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਜਾਵੇਗਾ, ਜਦਕਿ ਹੋਰ ਮੁੱਦਿਆਂ ਨੂੰ ਸੂਬਾ ਪੱਧਰ ’ਤੇ ਭੇਜਿਆ ਜਾਵੇਗਾ। ਇਸ ਮੌਕੇ ਹੋਰਾਂ ਤੋਂ ਇਲਾਵਾ ਰਮੇਸ਼ ਮਹਾਜਨ , ਹਰਪ੍ਰੀਤ ਸੋਹਲ, ਅਮਿਤ ਔਲ, ਅਮਿਤ ਪੁਰੀ ਵੀ ਹਾਜ਼ਰ ਸਨ।