ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ
ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Tue, 07 Apr 2026 07:58 PM (IST)
Updated Date: Wed, 08 Apr 2026 04:12 AM (IST)

ਰਾਜ ਸਭਾ ’ਚ ਸੰਸਦ ਮੈਂਬਰ ਜੌਹਨ ਬਿਰਟਾਸ ਵਲੋਂ ਪੇਸ਼ ਪ੍ਰਾਈਵੇਟ ਬਿੱਲ ਤਰੁੰਤ ਪਾਸ ਕਰਨ ਦੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਕਰਨ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੁਆਂ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ’ਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਵਫਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਿਆ ਹੈ, ਜਿਸ ਦੀ ਆਗੂਆਂ ਵਲੋਂ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿਚ ਸੰਸਦ ਮੈਂਬਰ ਜੌਹਨ ਬਿਰਟਾਸ (ਸੀਪੀਆਈਐੱਮ) ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤੁਰੰਤ ਪਾਸ ਕੀਤਾ ਜਾਵੇ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜਮਾਂ ਦਾ 16 ਫ਼ੀਸਦੀ ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ ਸਗੋਂ ਉਲਟਾ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਵਿਚ ਮਹਿੰਗਾਈ ਭੱਤਾ ਦੇਣ ਤੋਂ ਮੁਨਕਰ ਹੋਣ ਦਾ ਘੋਸ਼ਣਾ ਪੱਤਰ ਪੇਸ਼ ਕਰ ਰਹੀਂ ਹੈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਗੈਰ ਵਿੱਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ। ਇਸ ਮੌਕੇ ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਰਾਕੇਸ਼ ਧਵਨ, ਹੀਰਾ ਸਿੰਘ ਭੱਟੀ, ਗੁਰਬਿੰਦਰ ਸਿੰਘ ਖਹਿਰਾ, ਹਰਮਨਦੀਪ ਸਿੰਘ ਭੰਗਾਲੀ, ਕੁਲਦੀਪ ਸ਼ਰਮਾ, ਜਗਦੀਪ ਸਿੰਘ ਜਲਾਲਪੁਰ, ਰਾਜੇਸ਼ ਪ੍ਰਾਸ਼ਰ, ਧਰਮਿੰਦਰ ਛੇਹਰਟਾ, ਕਵਲਜੀਤ ਕੌਰ ਛੱਜਲਵੱਡੀ, ਮੰਗਲ ਸਿੰਘ ਟਾਂਡਾ, ਕਵਲਜੀਤ ਕੌਰ ਭੱਟੀ, ਨਰੇਸ਼ ਕੁਮਾਰ, ਸੰਜੀਵ, ਦਿਨੇਸ਼, ਅਵਤਾਰਜੀਤ ਸਿੰਘ ਗਿੱਲ, ਨਿਰਮਲ ਸਿੰਘ ਭੋਮਾ, ਮਹਿਲ ਸਿੰਘ, ਜਸਵਿੰਦਰ ਸਿੰਘ, ਰਵੇਲ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।