ਦਬੁਰਜੀ (ਗੋਲਡਨ ਗੇਟ) ਫਲਾਈਓਵਰ ਦੇ ਨਿਰਮਾਣ ’ਤੇ ਉਠੇ ਗੰਭੀਰ ਸਵਾਲ
ਅੰਮ੍ਰਿਤਸਰ ’ਚ ਦਬੁਰਜੀ (ਗੋਲਡਨ ਗੇਟ) ਫਲਾਈਓਵਰ ਦੇ ਨਿਰਮਾਣ ’ਤੇ ਉਠੇ ਗੰਭੀਰ ਸਵਾਲ
Publish Date: Tue, 07 Apr 2026 08:56 PM (IST)
Updated Date: Wed, 08 Apr 2026 04:15 AM (IST)

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਬਣ ਰਹੇ ਦਬੁਰਜੀ (ਗੋਲਡਨ ਗੇਟ) ਫਲਾਈਓਵਰ ਦੇ ਨਿਰਮਾਣ ਕੰਮ ਨੂੰ ਲੈ ਕੇ ਗੰਭੀਰ ਗੜਬੜੀਆਂ ਦੇ ਦੋਸ਼ ਸਾਹਮਣੇ ਆਏ ਹਨ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਪਰਿਵਹਨ ਅਤੇ ਰਾਜਮਾਰਗ ਮੰਤਰੀ ਨਿਿਤਨ ਗਡਕਰੀ ਨੂੰ ਪੱਤਰ ਲਿਖ ਕੇ ਪੂਰੇ ਪ੍ਰੋਜੈਕਟ ਦੀ ਵਿਜੀਲੈਂਸ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਔਜਲਾ ਨੇ ਕਿਹਾ ਕਿ ਫਲਾਈਓਵਰ ਦੇ ਨਿਰਮਾਣ ਵਿਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਇਸ ਦੀ ਗੁਣਵੱਤਾ ’ਤੇ ਗੰਭੀਰ ਸਵਾਲ ਖੜੇ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪਹਿਲਾਂ ਵੀ ਉਠਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰੋਜੈਕਟ ਡਾਇਰੈਕਟਰ ਅਤੇ ਸੰਬੰਧਿਤ ਅਧਿਕਾਰੀਆਂ ਨੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕੰਮ ਜਾਰੀ ਰੱਖਿਆ। ਔਜਲਾ ਨੇ ਚਿੰਤਾ ਜਤਾਈ ਕਿ ਫਲਾਈਓਵਰ ਦੀ ਸੰਰਚਨਾ ਪਹਿਲਾਂ ਹੀ ਕਮਜ਼ੋਰ ਦਿਖ ਰਹੀ ਹੈ, ਜਿਸ ਨਾਲ ਭਵਿੱਖ ਵਿਚ ਇਸ ਦੇ ਡਿੱਗਣ ਦਾ ਖਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਰੁਸ਼ਦਾਰ ਅਤੇ ਸੰਵੇਦਨਸ਼ੀਲ ਸ਼ਹਿਰ ਵਿਚ ਇਸ ਤਰ੍ਹਾਂ ਦੀ ਲਾਪਰਵਾਹੀ ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾ ਸਕਦੀ ਹੈ। ਸੰਸਦ ਮੈਂਬਰ ਨੇ ਇਹ ਵੀ ਦੋਸ਼ ਲਗਾਇਆ ਕਿ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਦੀ ਕਾਰਗੁਜ਼ਾਰੀ ਲਾਪ੍ਰਵਾਹੀ, ਫਰਜ਼ਾਂ ਦੀ ਉਲੰਘਣਾ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਖ਼ਰਾਬ ਨਿਰਮਾਣ ਜਾਰੀ ਰੱਖਣਾ ਬਿਲਕੁਲ ਅਸਵੀਕਾਰਯੋਗ ਹੈ। ਆਪਣੇ ਪੱਤਰ ਵਿੱਚ ਔਜਲਾ ਨੇ ਕੇਂਦਰ ਸਰਕਾਰ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ, ਪੂਰੇ ਪ੍ਰੋਜੈਕਟ ਦੀ ਤੁਰੰਤ ਵਿਜੀਲੈਂਸ ਜਾਂਚ ਕਰਵਾਈ ਜਾਵੇ। ਦੋਸ਼ੀ ਅਧਿਕਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਫਲਾਈਓਵਰ ਦੀ ਤੁਰੰਤ ਤਕਨੀਕੀ ਜਾਂਚ ਕਰਕੇ ਜ਼ਰੂਰੀ ਸੁਰੱਖਿਆ ਕਦਮ ਚੁੱਕੇ ਜਾਣ, ਲੋੜ ਪੈਣ ’ਤੇ ਇਸ ਨੂੰ ਬੰਦ ਵੀ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਭ ਤੋਂ ਉੱਚੀ ਤਰਜੀਹ ਦੇ ਕੇ ਸਮੇਂਬੱਧ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਸੰਭਾਵਿਤ ਹਾਦਸੇ ਨੂੰ ਟਾਲਿਆ ਜਾ ਸਕੇ।