ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਦੀ ਮੌਤ ’ਤੇ ਐੱਮਪੀ ਔਜਲਾ ਨੇ ਸੀਐੱਮ ਨੂੰ ਲਿਖਿਆ ਪੱਤਰ
ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਦੀ ਮੌਤ ‘ਤੇ ਸੰਸਦ ਮੈਂਬਰ ਔਜਲਾ ਨੇ ਸੀਐਮ ਨੂੰ ਲਿਿਖਆ ਪੱਤਰ
Publish Date: Tue, 14 Apr 2026 09:18 PM (IST)
Updated Date: Wed, 15 Apr 2026 04:16 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸਵਰਗਵਾਸੀ ਗਗਨਦੀਪ ਸਿੰਘ ਰੰਧਾਵਾ ਦੀ •ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਔਜਲਾ ਨੇ ਆਪਣੇ ਪੱਤਰ ’ਚ ਇਸ ਘਟਨਾ ਨੂੰ ਦੁਖਦਾਈ ਤੇ ਚਿੰਤਾਜਨਕ ਦੱਸਦੇ ਹੋਏ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਲੰਮੇ ਸਮੇਂ ਤੋਂ ਮਾਨਸਿਕ ਤਣਾਅ, ਦਬਾਅ ਅਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਸਨ, ਜੋ ਉਨ੍ਹਾਂ ਦੇ ਸਰਕਾਰੀ ਕੰਮਕਾਜ ਤੇ ਟੈਂਡਰਾਂ ਨਾਲ ਸਬੰਧਤ ਮਾਮਲਿਆਂ ਨਾਲ ਜੁੜਿਆ ਹੋਇਆ ਸੀ। ਪੱਤਰ ਵਿੱਚ ਇਹ ਵੀ ਦਰਜ ਕੀਤਾ ਗਿਆ ਹੈ ਕਿ ਇਸ ਮਾਮਲੇ ’ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਤੇ ਨਿੱਜੀ ਸਹਾਇਕ ਖ਼ਿਲਾਫ਼ ਆਤਮਹੱਤਿਆ ਲਈ ਉਕਸਾਉਣ, ਅਪਰਾਧਿਕ ਧਮਕੀ ਤੇ ਹੋਰ ਧਾਰਾਵਾਂ ਤਹਿਤ ਐੱਫ਼ਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਸਬੂਤਾਂ ਨਾਲ ਛੇੜਛਾੜ, ਇਲੈਕਟ੍ਰਾਨਿਕ ਉਪਕਰਨ ਜਮ੍ਹਾਂ ਨਾ ਕਰਵਾਉਣ ਤੇ ਸੀਸੀਟੀਵੀ ਰਿਕਾਰਡ ’ਚ ਦੇਰੀ ਵਰਗੇ ਗੰਭੀਰ ਦੋਸ਼ ਵੀ ਸਾਹਮਣੇ ਆਏ ਹਨ। ਸੰਸਦ ਮੈਂਬਰ ਔਜਲਾ ਨੇ ਮੁੱਖ ਮੰਤਰੀ ਕੋਲ ਮੰਗ ਕੀਤੀ ਕਿ ਐਫ਼ਆਈਆਰ ਵਿੱਚ ਨਾਮਜ਼ਦ ਹੋਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸਬੂਤਾਂ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਅਤੇ ਸੁਰੱਖਿਆ ਦਿੱਤੀ ਜਾਵੇ। ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਬਕਾਇਆ ਤਨਖ਼ਾਹ, ਪੈਨਸ਼ਨ ਅਤੇ ਹੋਰ ਲਾਭ ਤੁਰੰਤ ਜਾਰੀ ਕੀਤੇ ਜਾਣ।