ਜ਼ਿਲ੍ਹੇ ’ਚ 5 ਨਗਰ ਕੌਂਸਲਾਂ ਦੀਆਂ ਚੋਣਾਂ 26 ਨੂੰ : ਜ਼ਿਲ੍ਹਾ ਚੋਣ ਅਧਿਕਾਰੀ
ਜ਼ਿਲ੍ਹਾ ਅੰਮ੍ਰਿਤਸਰ ’ਚ 5 ਨਗਰ ਕੌਂਸਲਾਂ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ
Publish Date: Tue, 12 May 2026 06:11 PM (IST)
Updated Date: Wed, 13 May 2026 04:06 AM (IST)

ਚੋਣਾਂ ਵਾਲੀਆਂ ਨਗਰ ਕੌਂਸਲਾਂ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਤੇ ਰਈਆ ’ਚ ਹੋਣਗੀਆਂ ਚੋਣਾਂ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7 ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀ ਚੋਣ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 3 ਵਜੇ ਤੱਕ) ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦੇ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦਸਿਆ ਕਿ ਨਗਰ ਕੌਂਸਲ ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਓਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।