ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਰੋਸ ਮੁਜ਼ਾਹਰਾ 22 ਨੂੰ
ਕੇਂਦਰੀ ਸਭਾ ਕਰੇਗੀ ਰੋਸ ਮੁਜ਼ਾਹਰਾ
Publish Date: Thu, 14 May 2026 04:32 PM (IST)
Updated Date: Fri, 15 May 2026 04:01 AM (IST)

* ਮਾਮਲਾ ਕੇਂਦਰੀ ਤੇ ਆਰਮੀ ਸਕੂਲਾਂ ’ਚ ਪੰਜਾਬੀ ਨੂੰ ਹਾਸ਼ੀਏ ’ਤੇ ਧੱਕਣ ਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ’ਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ ਤੇ ਧੱਕਣ ਦੇ ਫੈਸਲੇ ਖ਼ਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਤਿੱਖਾ ਵਿਰੋਧ ਜਤਾਉਂਦਿਆਂ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਪ੍ਰਧਾਨ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਇਸ ਵਿਵਹਾਰ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੂਲਰ ਵਾਪਸ ਕਰਵਾਉਣ ਹਿੱਤ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ 22 ਮਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸੱਮੁਚੀਆਂ ਸਾਹਿਤ ਸਭਾਵਾਂ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬੀ ਵਿਰੋਧੀ ਇਸ ਫੈਸਲੇ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਿਸ ਵਿਚ ਸਾਜ਼ਿਸ਼ ਤਾਹਿਤ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਰੱਖ ਕੇ ਸੰਸਕ੍ਰਿਤ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਉਂਣ ਲਈ ਕਿਹਾ ਗਿਆ ਹੈ। ਇਸ ਦੌਰਾਨ ਕੇਂਦਰੀ ਸਭਾ ਦੇ ਅਹੁਦੇਦਾਰ ਡਾ. ਸਿੰਦਰਪਾਲ ਸਿੰਘ, ਸ਼ੈਲੰਿਦਰਜੀਤ ਸਿੰਘ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਾਜਿੰਦਰ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਪ੍ਰੀਤ ਕੌਰ, ਡਾ ਸਿੰਦਰਪਾਲ ਸਿੰਘ, ਯਤਿੰਦਰ ਮਾਹਲ, ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਜੇ ਫੈਸਲਾ ਵਾਪਸ ਨਾ ਹੋਇਆ ਤਾਂ ਸੂਬੇ ਭਰ ’ਚ ਇਸੇ ਤਰਜ਼ ਤੇ ਵਿਆਪਕ ਵਿਰੋਧ ਕੀਤਾ ਜਾਵੇਗਾ।