ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸੌ ਫ਼ੀਸਦੀ ਰਿਹਾ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਬਾਰਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Sun, 17 May 2026 04:36 PM (IST)
Updated Date: Mon, 18 May 2026 04:04 AM (IST)

ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਸ੍ਰੇਣੀ ਦੇ ਨਤੀਜਿਆਂ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਜਮਾਤ ਦੇ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਦੇ ਕੁੱਲ 96 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ। ਜਿਸ ਵਿਚੋਂ 12 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅਤੇ 31 ਵਿਦਿਆਰਥੀਆਂ ਨੇ 80-90 ਫ਼ੀਸਦੀ ਅੰਕ, 36 ਵਿਦਿਆਰਥੀਆਂ ਨੇ 70-80 ਫ਼ੀਸਦੀ ਅੰਕ, ਅਤੇ 17 ਵਿਦਿਆਰਥੀਆਂ ਨੇ 60-70 ਫ਼ੀਸਦੀ ਅੰਕ ਪ੍ਰਾਪਤ ਕੀਤੇ। ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਸੰਸਥਾ ਵਿੱਚੋਂ ਅਮਾਨਤਪ੍ਰੀਤ ਕੌਰ ਨੇ 95 ਫ਼ੀਸਦੀ ਅੰਕਾ ਨਾਲ ਪਹਿਲਾ ਸਥਾਨ, ਅਰਮਾਨਪ੍ਰੀਤ ਕੌਰ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਅਵਰੀਤ ਕੌਰ 93 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਸਾਂਝੇ ਤੌਰ ’ਤੇ ਅੱਜ ਕਾਲਜ ਵਿੱਚ ਆਪਣੀ ਖੁਸ਼ੀ ਸਾਂਝੀ ਕਰਨ ਲਈ ਪਹੁੰਚੇ। ਇਸ ਮੌਕੇ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਿਸ਼ੇਸ ਵਧਾਈ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਮਿਹਨਤ ਅਤੇ ਲਗਨ ਦੀ ਪ੍ਰੋੜਤਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ।