ਮੰਤਰੀ ਗੋਇਲ ਨੇ ਬੀਓਪੀ ਤੋਤਾ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਬੀਓਪੀ ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਚੀਫ ਇੰਜੀਨੀਅਰ ਸ਼ੇਰ ਸਿੰਘ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ, ਐਸਸੀ ਗੁਰਬਿੰਦਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਵਿਸ਼ਵਪਾਲ ਗੋਇਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀਓਪੀ ਤੋਤਾ ਵਿਖੇ ਹੜ੍ਹ ਦੇ ਪਾਣੀ ਨਾਲ ਕਾਫੀ ਨੁਕਸਾਨ ਹੋਇਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਥੇ 5.5 ਕਰੋੜ ਰੁਪਏ ਖਰਚ ਕਰਕੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਝਬਾਲ ਨਹਿਰ ਦੇ ਰੀ-ਲਾਈਨਿੰਗ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ। ਰਾਜ ਸਰਕਾਰ ਵੱਲੋਂ 18 ਕਰੋੜ ਰੁਪਏ ਦੀ ਲਾਗਤ ਨਾਲ ਇਸ ਨਹਿਰ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਸ ਨਹਿਰ ਵਿਚ 150 ਕਿਊਸਿਕ ਪਾਣੀ ਵਹਿੰਦਾ ਸੀ ਅਤੇ ਨਹਿਰ ਦੇ ਕਿਨਾਰੇ ਪੱਕੇ ਹੋਣ ਤੋਂ ਬਾਅਦ ਨਹਿਰ ਵਿਚ 258 ਕਿਊਸਿਕ ਪਾਣੀ ਟੇਲਾਂ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਝਬਾਲ ਨਹਿਰ ਨੂੰ ਪੱਕਾ ਕਰਨ ਦਾ ਕੰਮ 45 ਦਿਨਾਂ ਦੇ ਅੰਦਰ ਅੰਦਰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਹਿਰ ਦੀ ਕੁੱਲ ਲੰਬਾਈ 27 ਕਿਲੋਮੀਟਰ ਹੈ ਅਤੇ ਇਸ ਦੀ ਚੌੜਾਈ ਨੂੰ ਵਧਾ ਕੇ 24 ਫੁੱਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਨਹਿਰ ਰਾਹੀਂ ਕੇਵਲ ਪੰਜ ਹਜ਼ਾਰ ਏਕੜ ਖੇਤਾਂ ਨੂੰ ਪਾਣੀ ਮਿਲਦਾ ਸੀ, ਪਰ ਇਸ ਦੀ ਸਮਰੱਥਾ ਵਧਣ ਨਾਲ ਕਰੀਬ ਹੁਣ 31 ਹਜ਼ਾਰ ਏਕੜ ਫਸਲ ਨੂੰ ਟੇਲਾਂ ਰਾਹੀਂ ਪਾਣੀ ਮਿਲੇਗਾ, ਜਿਸ ਨਾਲ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਹੀ ਅਸੀਂ ਧਰਤੀ ਹੇਠਲੇ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ’ਚ ਕਾਮਯਾਬ ਹੋਏ ਹਾਂ। ਜਿਸ ਨਾਲ ਅਸੀਂ ਕੇਵਲ ਪੰਜਾਬ ਨੂੰ ਹੀ ਨਹੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਬਚਾਅ ਲਿਆ ਹੈ।
ਉਨ੍ਹਾਂ ਦੱਸਿਆ ਕਿ ਅਸੀਂ ਪਹਿਲਾਂ ਕੇਵਲ 26 ਫੀਸਦੀ ਪਾਣੀ ਹੀ ਵਰਤੋਂ ਵਿੱਚ ਲਿਆਂਦੇ ਸਾਂ, ਪਰੰਤੂ ਹੁਣ ਅਸੀਂ 82 ਫੀਸਦੀ ਪਾਣੀ ਖੇਤਾਂ ਵਿੱਚ ਪਹੁੰਚਾਉਣ ਤੱਕ ਕਾਮਯਾਬ ਹੋ ਚੁੱਕੇ ਹਾਂ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੌਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ ’ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 135 ਥਾਵਾਂ ਦੀ ਨਾਜੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ ’ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਮੌਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ। ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।