ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ’ਤੇ ਭਰੋਸਾ ਵਧਿਆ : ਬੰਦੇਸ਼ਾ
ਮਾਨ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ, ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ’ਤੇ ਭਰੋਸਾ ਵਧਿਆ : ਬੰਦੇਸ਼ਾ
Publish Date: Tue, 09 Jun 2026 05:47 PM (IST)
Updated Date: Wed, 10 Jun 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ–ਅੰਮ੍ਰਿਤਸਰ ਦੇ ਲੋਕ ਸਭਾ ਇੰਚਾਰਜ ਅਤੇ ਵਾਈਸ ਚੇਅਰਮੈਨ, ਪੰਜਾਬ ਲਘੂ ਉਦਯੋਗ ਕਾਰਪੋਰੇਸ਼ਨ ਜਸਕਰਨ ਸਿੰਘ ਬੰਦੇਸ਼ਾ ਨੇ ਪੰਜਾਬ ਸਰਕਾਰ ਵੱਲੋਂ 355 ਨਵੇਂ ਨਿਯੁਕਤੀ ਪੱਤਰ ਵੰਡਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ 355 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਦੀਆਂ ਉਮੀਦਾਂ ਨੂੰ ਨਵਾਂ ਆਸਰਾ ਮਿਿਲਆ ਹੈ। ਬੰਦੇਸ਼ਾ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ 67,037 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਡੀਐੱਸਪੀ, ਕਲਰਕ, ਪਟਵਾਰੀ, ਡਰੱਗ ਇੰਸਪੈਕਟਰ, ਲਾਈਨਮੈਨ, ਡਾਕਟਰ, ਨਰਸ ਤੇ ਹੋਰ ਕਈ ਵਿਭਾਗਾਂ ਵਿੱਚ ਹੋਈਆਂ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਨਾ ਕਿਸੇ ਸਿਫ਼ਾਰਸ਼ ਦੀ ਲੋੜ ਪਈ ਅਤੇ ਨਾ ਹੀ ਕਿਸੇ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਥਾਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਪੰਜਾਬ ਵਿੱਚ ਮਾਨ ਸਰਕਾਰ ਨੇ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਭਰਤੀ ਪ੍ਰਕਿਰਿਆ ਵਿੱਚ ਕੋਈ ਸ਼ੱਕ ਪੈਦਾ ਹੋਇਆ ਤਾਂ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਨਤੀਜਾ ਰੱਦ ਕਰਕੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ। ਬੰਦੇਸ਼ਾ ਨੇ ਕਿਹਾ ਕਿ ਮਾਨ ਸਰਕਾਰ ਸਿਰਫ਼ ਨੌਕਰੀਆਂ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਸਿੱਖਿਆ ਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਵੀ ਇਤਿਹਾਸਕ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਪਹੁੰਚਿਆ ਹੈ। ਸਰਕਾਰੀ ਸਕੂਲਾਂ ਵਿੱਚ ਕੰਪਿਊਟਰ, ਵਾਈ-ਫਾਈ, ਵਿਿਗਆਨ ਲੈਬਾਂ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 25 ਨਵੀਆਂ ਆਈਟੀਆਈਜ਼ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ 13 ਮੌਜੂਦਾ ਆਈਟੀਆਈਜ਼ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੌਲੀਟੈਕਨਿਕ ਕਾਲਜਾਂ ਵਿੱਚ ਸੈਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਜਾ ਸਕੇ। ਬੰਦੇਸ਼ਾ ਨੇ ਕਿਹਾ ਕਿ ਮਾਨ ਸਰਕਾਰ ਨੇ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਵਧੇਰੇ ਸੁਰੱਖਿਆ ਅਤੇ ਸਨਮਾਨ ਦਿੱਤਾ ਹੈ। ਨਾਲ ਹੀ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦੇ ਕੇ ਹਜ਼ਾਰਾਂ ਨੌਜਵਾਨਾਂ ਨੂੰ ਨਵਾਂ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਨਿਯੁਕਤ ਹੋਏ ਨੌਜਵਾਨ ਆਪਣੀ ਸੇਵਾ ਅਤੇ ਮਿਹਨਤ ਨਾਲ ਪੰਜਾਬ ਅਤੇ ਪੰਜਾਬ ਸਰਕਾਰ ਦਾ ਨਾਮ ਰੌਸ਼ਨ ਕਰਨਗੇ।