ਦੋ ਹੈਂਡ ਗ੍ਰੇਨੇਡਾਂ ਸਣੇ ਦੋ ਕਾਬੂ
ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ
Publish Date: Tue, 09 Jun 2026 06:40 PM (IST)
Updated Date: Wed, 10 Jun 2026 04:08 AM (IST)

* ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ : ਡੀਜੀਪੀ ਯਾਦਵ * ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ : ਐੱਸਐੱਸਪੀ ਚਾਹਲ ਫੋਟੋ-35 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ (ਪੀਬੀ46 ਏਐੱਲ 7846) ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ’ਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ’ਚ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਤੇ ਤਰੁੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਕ ਖੂਫੀਆ ਆਪਰੇਸ਼ਨ ਚਲਾਇਆ ਤੇ ਖਾਸਾ ਖੇਤਰ ’ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।