ਸਮੱਸਿਆਵਾਂ ਦਾ ਤੁਰੰਤ ਹੱਲ ਸਰਕਾਰ ਦੀ ਮੁੱਖ ਤਰਜੀਹ: ਈਟੀਓ
ਲੋਕਾਂ ਨਾਲ ਸਿੱਧਾ ਸੰਪਰਕ ਤੇ ਸਮੱਸਿਆਵਾਂ ਦਾ ਤੁਰੰਤ ਹੱਲ ਸਰਕਾਰ ਦੀ ਮੁੱਖ ਤਰਜੀਹ: ਹਰਭਜਨ ਸਿੰਘ ਈਟੀਓ
Publish Date: Tue, 16 Jun 2026 07:39 PM (IST)
Updated Date: Wed, 17 Jun 2026 04:09 AM (IST)

ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ, ਨਵਾਂ ਪਿੰਡ ਵਿਖੇ ਟਰੇਡ ਵਿੰਗ ਦੀ ਮੀਟਿੰਗ ਵੀ ਕੀਤੀ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਹਲਕੇ ਦੇ ਪਿੰਡ ਗਿੱਲ, ਰਸੂਲਪੁਰ ਕਲਾਂ ਅਤੇ ਨਵਾਂ ਪਿੰਡ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਨ੍ਹਾਂ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਲੋੜੀਂਦੇ ਕਦਮ ਚੁੱਕਣਾ ਸੀ। ਇਸ ਮੌਕੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਬਾਰੇ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹਨ ਅਤੇ ਵਿਕਾਸ ਦੇ ਕੰਮਾਂ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕੀਤਾ ਹੈ ਅਤੇ ਪਾਰਦਰਸ਼ੀ ਤੇ ਲੋਕ-ਪੱਖੀ ਸ਼ਾਸਨ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦਾ ਸਹਿਯੋਗ ਅਤੇ ਭਰੋਸਾ ਪਾਰਟੀ ਨੂੰ ਮਿਲਦਾ ਰਹੇਗਾ। ਇਸ ਦੌਰਾਨ ਪਿੰਡ ਰਸੂਲਪੁਰ ਕਲਾਂ ਤੋਂ ਡਾ. ਰਮਨਦੀਪ ਸਿੰਘ, ਇੰਦਰਬੀਰ ਸਿੰਘ, ਤੇਜਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਦਮਨਪ੍ਰੀਤ ਸਿੰਘ, ਹਰਕੀਰਤ ਸਿੰਘ, ਗੁਰਸ਼ਰਨ ਸਿੰਘ, ਗਗਨਦੀਪ ਸਿੰਘ, ਰਾਜਪਾਲ ਸਿੰਘ, ਦਵਿੰਦਰ ਸਿੰਘ, ਰਾਜਨਪ੍ਰੀਤ ਸਿੰਘ, ਮਨਦੀਪ ਸਿੰਘ, ਅਤਿੰਦਰਪਾਲ ਸਿੰਘ, ਕੰਵਲਜੀਤ ਸਿੰਘ ਅਤੇ ਮਨਜੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ। ਨਵਾਂ ਪਿੰਡ ਵਿਖੇ ਲੋਕ ਮਿਲਣੀ ਦੇ ਨਾਲ-ਨਾਲ ਟਰੇਡ ਵਿੰਗ ਦੀ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵਪਾਰਕ ਵਰਗ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਗਹਿਰਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਜੁੜਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਉਹ ਲਗਾਤਾਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਵੀ ਕਰ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।