ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ’ਚ ਭਗਵੰਤ ਸਿੰਘ ਨੂੰ ਸੀਐੱਮ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ : ਐਡਵੋਕੇਟ ਧਾਮੀ
- ਐਡਵੋਕੇਟ ਧਾਮੀ
Publish Date: Sat, 20 Jun 2026 06:15 PM (IST)
Updated Date: Sun, 21 Jun 2026 04:04 AM (IST)

* ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ * 27 ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਤੇ ਹਲਕਾ ਪੱਧਰ ’ਤੇ ਵੱਡੇ ਇਕੱਠ ਕਰਨ ਦਾ ਵੀ ਲਿਆ ਫੈਸਲਾ ਫੋਟੋ-14 ਕੈਪਸ਼ਨ : ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮ ਦਾ ਸਤਿਕਾਰ ਕਰਦਿਆਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਤੇ ਹਲਕਾ ਪੱਧਰ ’ਤੇ ਇਕੱਠ ਕਰ ਕੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਵਿਚਲੀਆਂ ਹਰਕਤਾਂ ਨੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਇਸ ਮਾਮਲੇ ਦੀ ਜਾਂਚ ਸਬੰਧੀ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਆਪਣਾ ਪੱਖ ਪੇਸ਼ ਕਰਨ ਤੇ ਫੋਰੈਂਸਿਕ ਜਾਂਚ ਲਈ ਲੈਬੋਰੇਟਰੀਆਂ ਸੁਝਾਉਣ ਦਾ ਪੂਰਾ ਮੌਕਾ ਦਿੱਤਾ ਗਿਆ ਪਰ ਉਨ੍ਹਾਂ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ-ਉੱਚ ਹਸਤੀ ਹੈ, ਜਿਸ ਦਾ ਪੂਰੇ ਸਿੱਖ ਜਗਤ ਅੰਦਰ ਸਤਿਕਾਰ ਹੈ। ਇਸ ਮਹਾਨ ਅਸਥਾਨ ਤੋਂ ਕੀਤੇ ਜਾਂਦੇ ਹੁਕਮਾਂ ਅੱਗੇ ਸਿੱਖ ਕੌਮ ਹਮੇਸ਼ਾ ਸਿਰ ਝੁਕਾਉਂਦੀ ਹੈ। ਇਥੇ ਪੰਥ ਦੋਖੀਆਂ ਨੂੰ ਦੰਡ ਦੇਣ ਤੇ ਗੁਰੂ ਪਿਆਰ ਵਾਲਿਆਂ ਨੂੰ ਸਤਿਕਾਰ ਦੇਣ ਦੀ ਰਵਾਇਤ ਸਿੱਖ ਕੌਮ ਦੀ ਵਿਲੱਖਣਤਾ ਤੇ ਗੌਰਵਤਾ ਦੀ ਲਖਾਇਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਿੱਖ ਵਿਰੋਧੀ ਹਰਕਤ ਦੇ ਮਾਮਲੇ ’ਚ ਵੀ ਇਸੇ ਰਵਾਇਤ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ੈਸਲਾ ਆਇਆ ਹੈ, ਜੋ ਸਿੱਖ ਕੌਮ ਲਈ ਅਤਿ ਮਹੱਤਵਪੂਰਨ ਹੈ। ਕਿਉਂਕਿ ਜੇਕਰ ਸਿੱਖਾਂ ਦੇ ਆਪਣੇ ਘਰੇਲੂ ਜ਼ਮੀਨੀ ਸੂਬੇ ਪੰਜਾਬ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਤਾਰ-ਤਾਰ ਕਰੇਗਾ ਤਾਂ ਉਸ ਤੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਕਦਰਾਂ ਕੀਮਤਾਂ ਤੇ ਮਾਨਤਾਵਾਂ ਦੀ ਤਰਜਮਾਨੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ’ਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਉਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰਣ ਲਈ ਜਿੰਮੇਵਾਰ ਸਿੱਖ ਸੰਸਥਾ ਹੈ, ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ, ਮਰਿਆਦਾ ਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਆਪਣਾ ਫ਼ਰਜ਼ ਨਿਭਾਏ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ’ਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ’ਚ ਵੱਡੇ ਇਕੱਠ ਕਰੇਗੀ ਅਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ’ਚ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਦੇ ਸਵਾਗਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਕੌਮੀ ਹਿੱਤਾਂ ਵਾਸਤੇ ਇਸ ਕਾਨੂੰਨ ’ਚ ਦਰਜ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਆਦਿ ਮੌਜੂਦ ਸਨ। ਸ਼੍ਰੋਮਣੀ ਕਮੇਟੀ ਵੱਲੋਂ ਯੂਬਾਸਿਟੀ ਅਮਰੀਕਾ ’ਚ ਜਲਦ ਸਥਾਪਤ ਕੀਤੇ ਜਾਣਗੇ ਪ੍ਰੈੱਸ ਤੇ ਗੁਰਮਤਿ ਪ੍ਰਚਾਰ ਕੇਂਦਰ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਵਫ਼ਦ ਸਮੇਤ ਅਮਰੀਕਾ ਫੇਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਦਾ ਮਕਸਦ ਸ਼੍ਰੋਮਣੀ ਕਮੇਟੀ ਵੱਲੋਂ ਯੂਬਾਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰੈੱਸ ਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਥਾਪਨਾ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਵਾਸੀ ਦੀਦਾਰ ਸਿੰਘ ਬੈਂਸ ਨੇ 2013 ’ਚ ਸ਼੍ਰੋਮਣੀ ਕਮੇਟੀ ਨੂੰ 14 ਏਕੜ ਦੇ ਕਰੀਬ ਜ਼ਮੀਨ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਜ਼ਰੂਰੀ ਪ੍ਰਵਾਨਗੀਆਂ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਥੋਂ ਦੇ ਨਿਯਮਾਂ ਅਨੁਸਾਰ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਇਸ ਦੇ ਮੈਂਬਰ ਵਜੋਂ ਕਾਰਜ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਲਈ ਅਮਰੀਕਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਕਾਊਂਟ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਨਕਸ਼ੇ ਤੇ ਹੋਰ ਪ੍ਰਵਾਨਗੀਆਂ ਲਈ ਕਰਮਜੀਤ ਸਿੰਘ ਬੈਂਸ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਪ੍ਰਵਾਨਗੀਆਂ ਮਗਰੋਂ ਇਸ ਦੀ ਜਲਦ ਦੀ ਜਲਦ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਹ ਕਾਰਜ ਆਰੰਭ ਹੋਣ ਨਾਲ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਥੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਇਹ ਸ਼੍ਰੋਮਣੀ ਕਮੇਟੀ ਦਾ ਆਪਣਾ ਪਹਿਲਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਆਗੂਆਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ।