30 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Publish Date: Tue, 14 Jul 2026 07:58 PM (IST)
Updated Date: Wed, 15 Jul 2026 04:10 AM (IST)
* ਫੜੇ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ਤੇ ਕਰ ਰਹੇ ਸਨ ਕੰਮ : ਡੀਜੀਪੀ ਯਾਦਵ * ਸੀਆਈ ਅੰਮ੍ਰਿਤਸਰ ਨੇ 10 ਦਿਨਾਂ ’ਚ 68 ਕਿੱਲੋ ਹੈਰੋਇਨ ਕੀਤੀ ਬਰਾਮਦ ਫੋਟੋ-42 ਕੈਪਸ਼ਨ : ਬਰਾਮਦ ਕੀਤੀ ਗਈ ਹੈਰੋਇਨ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਵਾਸੀ ਭੱਲਾ ਕਾਲੋਨੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ02-ਡੀਯੂ-3533) ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਜ਼ਿਕਰਯੋਗ ਹੈ ਕਿ 6 ਜੁਲਾਈ 2026 ਤੋਂ ਬਾਅਦ ਸੀਆਈ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ’ਚ ਕੁੱਲ 68 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀਆਈ ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 13 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।