ਮੰਤਰੀ ਈਟੀਓ ਨੇ ਪਿੰਡਾਂ ’ਚ ਲੋਕ ਮਿਲਣੀ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮੰਤਰੀ ਈਟੀਓ ਨੇ ਪਿੰਡਾਂ ’ਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Mon, 27 Jul 2026 08:23 PM (IST)
Updated Date: Mon, 27 Jul 2026 08:24 PM (IST)
- ਸਿੱਖਿਆ ਖੇਤਰ ’ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਹਰਭਜਨ ਸਿੰਘ ਈਟੀਓ - ਕਿਹਾ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਖੇਵਾਲ ਅਤੇ ਨੰਦਵਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਦੇ ਖੇਤਰ ਵਿਚ ਪੰਜਾਬ ਦਾ ਸਥਾਨ ਦੇਸ਼ ਵਿਚ 27ਵਾਂ ਸੀ। ਪਰ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਕੀਤੇ ਗਏ ਲਗਾਤਾਰ ਸੁਧਾਰਾਂ, ਆਧੁਨਿਕ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਸਿਰਫ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਬੱਚਿਆਂ ਦੀ ਪੜ੍ਹਾਈ ਦਾ ਕੇਂਦਰ ਮੰਨਿਆ ਜਾਂਦਾ ਸੀ ਅਤੇ ਲੋਕ ਇਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਪਰ ਅੱਜ ‘ਸਕੂਲਜ਼ ਆਫ ਐਮੀਨੈਂਸ’ ਦੀ ਸਥਾਪਨਾ, ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਕਾਰਨ ਪੰਜਾਬ ਨੇ ਕੇਰਲ ਨੂੰ ਵੀ ਪਿੱਛੇ ਛੱਡਦਿਆਂ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਲ ਅਰਥਾਂ ਵਿੱਚ ਲੋਕ ਸੇਵਾ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦਾ ਸਹਿਯੋਗ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।