ਸੰਸਦ ’ਚ ਪੰਜਾਬ ਦੇ ਮੁੱਦਿਆਂ ’ਤੇ ਕਾਂਗਰਸ ਦਾ ਹੱਲਾ ਬੋਲ ਸੰਸਦ ’ਚ ਪੰਜਾਬ ਦੇ ਮੁੱਦਿਆਂ 'ਤੇ ਕਾਂਗਰਸ ਦਾ ਹੱਲਾ ਬੋਲ
Publish Date: Mon, 27 Jul 2026 08:33 PM (IST)
Updated Date: Mon, 27 Jul 2026 08:33 PM (IST)
- ਪੇਪਰ ਲੀਕ ਤੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ - 5 ਲੱਖ ਨੌਜਵਾਨਾਂ ਦਾ ਭਵਿੱਖ ਦਾਅ ’ਤੇ, ਹੱਕ ਮੰਗਣ ਵਾਲੇ ਕਰਮਚਾਰੀਆਂ ’ਤੇ ਵਰ੍ਹਾਈਆਂ ਲਾਠੀਆਂ : ਔਜਲਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਅਤੇ ਸਫ਼ਾਈ ਸੇਵਕਾਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਸੋਮਵਾਰ ਨੂੰ ਸੰਸਦ ਕੰਪਲੈਕਸ ਵਿਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਰਹੇ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਭਰਤੀ ਪ੍ਰੀਖਿਆਵਾਂ ਅਤੇ ਸਰਕਾਰੀ ਨੌਕਰੀਆਂ ਦੀ ਪਾਰਦਰਸ਼ਤਾ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਚਾਰ ਸਾਲਾਂ ਦੌਰਾਨ ਛੇ ਵੱਡੇ ਪੇਪਰ ਲੀਕ ਮਾਮਲਿਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿਚ ਧੱਕ ਦਿੱਤਾ ਹੈ ਅਤੇ ਪੰਜ ਲੱਖ ਤੋਂ ਵੱਧ ਉਮੀਦਵਾਰ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਦਿਨ-ਰਾਤ ਮਿਹਨਤ ਕਰ ਕੇ ਸਰਕਾਰੀ ਨੌਕਰੀ ਦੀ ਤਿਆਰੀ ਕਰਦਾ ਹੈ, ਪਰ ਜਦੋਂ ਪ੍ਰੀਖਿਆ ਦਾ ਪੇਪਰ ਲੀਕ ਹੋ ਜਾਂਦਾ ਹੈ ਤਾਂ ਉਸ ਦੀ ਸਾਲਾਂ ਦੀ ਮਿਹਨਤ ਅਤੇ ਉਮੀਦਾਂ ਇਕ ਪਲ ਵਿਚ ਟੁੱਟ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੀਖਿਆ ਵਿੱਚ ਗੜਬੜ ਦਾ ਮਾਮਲਾ ਨਹੀਂ, ਸਗੋਂ ਲੱਖਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਪਨਿਆਂ ਨਾਲ ਜੁੜਿਆ ਗੰਭੀਰ ਮੁੱਦਾ ਹੈ। ਔਜਲਾ ਨੇ ਮੰਗ ਕੀਤੀ ਕਿ ਹਰ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ। ਮੁਲਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਰਪ੍ਰਸਤੀ ਦੇਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਉਨ੍ਹਾਂ ਕਿਹਾ ਕਿ ਭਰਤੀ ਪ੍ਰੀਖਿਆਵਾਂ ਦੀ ਪੂਰੀ ਪ੍ਰਕਿਰਿਆ ਨੂੰ ਹੋਰ ਸੁਰੱਖਿਅਤ, ਪਾਰਦਰਸ਼ੀ ਅਤੇ ਤਕਨੀਕੀ ਤੌਰ ’ਤੇ ਮਜ਼ਬੂਤ ਬਣਾਇਆ ਜਾਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਹਾਲ ਹੀ ਵਿੱਚ ਸਫ਼ਾਈ ਸੇਵਕਾਂ ’ਤੇ ਹੋਏ ਕਥਿਤ ਲਾਠੀਚਾਰਜ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਔਜਲਾ ਨੇ ਕਿਹਾ ਕਿ ਲੋਕਤੰਤਰ ਵਿੱਚ ਆਪਣੇ ਹੱਕਾਂ ਦੀ ਮੰਗ ਕਰਨਾ ਹਰ ਕਰਮਚਾਰੀ ਦਾ ਸੰਵਿਧਾਨਕ ਅਧਿਕਾਰ ਹੈ। ਜੇਕਰ ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਸਰਕਾਰ ਦਾ ਫਰਜ਼ ਸੀ ਕਿ ਉਹ ਉਨ੍ਹਾਂ ਨਾਲ ਗੱਲਬਾਤ ਕਰਦੀ, ਨਾ ਕਿ ਉਨ੍ਹਾਂ ’ਤੇ ਲਾਠੀਆਂ ਵਰ੍ਹਾਉਂਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਭਰਤੀ ਪ੍ਰਕਿਰਿਆਵਾਂ ਵਿਵਾਦਾਂ ਵਿੱਚ ਹਨ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ, ਪ੍ਰਸ਼ਾਸਨਿਕ ਅਵਿਵਸਥਾ ਅਤੇ ਲੋਕਾਂ ਵਿੱਚ ਨਿਰਾਸ਼ਾ ਵਧਦੀ ਜਾ ਰਹੀ ਹੈ। ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨੌਜਵਾਨਾਂ ਅਤੇ ਕਰਮਚਾਰੀਆਂ ਨਾਲ ਜੁੜੇ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਸਰਕਾਰ ਨੇ ਜਲਦੀ ਠੋਸ ਕਦਮ ਨਾ ਚੁੱਕੇ ਤਾਂ ਕਾਂਗਰਸ ਪਾਰਟੀ ਸੰਸਦ ਦੇ ਅੰਦਰ ਅਤੇ ਬਾਹਰ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।