ਬਰਨਾਲਾ ਲਾਠੀਚਾਰਜ ਨੇ ਸਰਕਾਰ ਦੀ ਸੋਚ ਬੇਨਕਾਬ ਕੀਤੀ : ਸੰਧੂ ਬਰਨਾਲਾ ਲਾਠੀਚਾਰਜ ਨੇ ਸਰਕਾਰ ਦੀ ਸੋਚ ਬੇਨਕਾਬ ਕੀਤੀ
Publish Date: Tue, 28 Jul 2026 04:47 PM (IST)
Updated Date: Wed, 29 Jul 2026 04:01 AM (IST)
* ਕਿਹਾ, ਪੰਜਾਬ ਭਰ ਦੇ ਧਰਨੇ ਬਣੇ ਨਾਕਾਮੀਆਂ ਦਾ ਸਬੂਤ ਫੋਟੋ- 4 ਸਫਾਈ ਸੇਵਕਾਂ ਤੇ ਡੰਡੇ ਚਲਾਉਣ ਦੀ ਬਜਾਏ ਮੰਗਾਂ ਸੁਣੇ ਸਰਕਾਰ, ਲੋਕਤੰਤਰ ’ਚ ਆਵਾਜ਼ ਦਬਾਉਣਾ ਮਨਜ਼ੂਰ ਨਹੀਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਰਨਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਹਲਕਾ ਅਟਾਰੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਐੱਸਸੀ ਵਿਭਾਗ ਦੇ ਸਕੱਤਰ ਬਲਦੇਵ ਸਿੰਘ ਸੰਧੂ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਸੰਧੂ ਨੇ ਕਿਹਾ ਕਿ ਜਿਹੜੇ ਸਫਾਈ ਸੇਵਕ ਹਰ ਰੋਜ਼ ਲੋਕਾਂ ਦੀ ਸੇਵਾ ਕਰਦੇ ਹਨ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਤੇ ਲਾਠੀਆਂ ਵਰਸਾਉਣਾ ਬਹੁਤ ਹੀ ਨਿੰਦਣਯੋਗ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਮੌਜੂਦਾ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਬਲ ਨਾਲ ਆਵਾਜ਼ ਦਬਾਉਣ ’ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਹਰ ਪਾਸੇ ਲੋਕ ਸੜਕਾਂ ਤੇ ਹਨ। ਬਿਜਲੀ ਸੰਕਟ ਕਾਰਨ ਕਈ ਸ਼ਹਿਰਾਂ ਵਿਚ ਲੋਕ ਧਰਨੇ ਦੇ ਰਹੇ ਹਨ, ਸਫਾਈ ਸੇਵਕ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਕਿਸਾਨ ਵੱਖ-ਵੱਖ ਮੁੱਦਿਆਂ ਤੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ, ਕੱਚੇ ਮੁਲਾਜ਼ਮ ਤੇ ਹੋਰ ਵਰਗ ਵੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਹਰ ਵਰਗ ਨੂੰ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬਲਦੇਵ ਸਿੰਘ ਸੰਧੂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਲਗਾਤਾਰ ਵਿਗੜ ਰਹੀ ਹੈ। ਫਿਰੌਤੀਆਂ, ਗੈਂਗਸਟਰਵਾਦ, ਗੋਲੀਬਾਰੀ ਅਤੇ ਹਿੰਸਕ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਦਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਫਲ ਨਜ਼ਰ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਉਸ ਵਰਗ ਦੇ ਨਾਲ ਖੜ੍ਹੀ ਹੈ ਜੋ ਆਪਣੇ ਸੰਵਿਧਾਨਕ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ।