ਲੀਡ)----ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਕੀਤਾ ਜਾਵੇ ਨਿਪਟਾਰਾ : ਅਨਿਲ ਠਾਕੁਰ ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ
Publish Date: Tue, 28 Jul 2026 06:19 PM (IST)
Updated Date: Wed, 29 Jul 2026 04:10 AM (IST)
ਫੋਟੋ-33 ਕੈਪਸ਼ਨ : ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੀਐਸਟੀਸੀ ਪੋਰਟਲ ਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। * ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਤਰਜੀਹ : ਡੀਸੀ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰ ਕੇ ਪੀਐੱਸਟੀਸੀ ਪੋਰਟਲ ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਟੀਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ ਅਤੇ ਇਸ ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਜੇਕਰ ਕਿਸੇ ਮਾਮਲੇ ਵਿੱਚ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਹੋਵੇ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਠਾਕੁਰ ਨੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣ ਨਾਲ ਨਾ ਸਿਰਫ਼ ਸਰਕਾਰ ਪ੍ਰਤੀ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੋਵੇਗਾ, ਸਗੋਂ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਵੀ ਸਿਰਜੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਭਵਿੱਖ ਵਿੱਚ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ਼ੀਤਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਆਈਏਐੱਸ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਹਫ਼ਤੇ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਪੀਐਸਟੀਸੀ ਪੋਰਟਲ ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੇ ਦੱਸਿਆ ਕਿ ਪੋਰਟਲ ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਮੁੱਖ ਸ਼ਿਕਾਇਤਾਂ ਸੀਵਰੇਜ ਦੀ ਸਫ਼ਾਈ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਮਾਲ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਪ੍ਰਬੰਧ ਨੂੰ ਸੁਧਾਰਿਆ ਜਾ ਰਿਹਾ ਹੈ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਈ ਗਈ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵਪਾਰੀਆਂ ਨਾਲ ਮਿਲ ਕੇ ਮੌਕੇ ਤੇ ਜਾ ਕੇ ਸਮੱਸਿਆਵਾਂ ਦਾ ਹੱਲ ਕਰਨਗੇ। ਮੀਟਿੰਗ ਵਿਚ ਸਹਾਇਕ ਕਮਿਸ਼ਨਰ ਪ੍ਰਗਤੀ ਸੇਠੀ, ਸਹਾਇਕ ਕਮਿਸ਼ਨਰ ਸੇਲਜ਼ ਟੈਕਸ ਮਹੇਸ਼ ਗੁਪਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਡੀਐਸਪੀ ਹੈੱਡਕੁਆਰਟਰ ਬਲਰਾਜ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸੁਖਜਿੰਦਰ ਸਿੰਘ, ਐਸਡੀਓ ਬੀਐਸਐਨਐਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪੀਐਸ ਸਹੋਤਾ, ਐਡੀਸ਼ਨਲ ਐਸਈ ਪੀਐਸਪੀਸੀਐਲ ਸਿਮਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।