650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਾਉਣ ਦੀ ਮੁਹਿੰਮ ਜਾਰੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
Publish Date: Tue, 28 Jul 2026 06:48 PM (IST)
Updated Date: Wed, 29 Jul 2026 04:10 AM (IST)
ਫੋਟੋ-32 ਕੈਪਸ਼ਨ :ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੂਟੇ ਲਗਾਉਂਦੇ ਹੋਏ । * ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਲਗਾਏ ਜਾ ਰਹੇ ਹਨ ਬੂਟੇ * ਡੀਸੀ ਵੱਲੋਂ ਵਾਤਾਵਰਣ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।