ਅੰਮ੍ਰਿਤਸਰ ’ਚ 10 ਕਿੱਲੋ ਹੈਰੋਇਨ ਸਣੇ ਦੋ ਗ੍ਰਿਫ਼ਤਾਰ ਅੰਮ੍ਰਿਤਸਰ ’ਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Publish Date: Wed, 05 Aug 2026 06:57 PM (IST)
Updated Date: Thu, 06 Aug 2026 04:02 AM (IST)
ਕੈਪਸ਼ਨ : ਪੁਲਿਸ ਵਲੋਂ ਬਰਾਮਦ ਕੀਤੀ ਗਈ 10 ਕਿੱਲੋ ਹੈਰੋਇਨ। * ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ : ਡੀਜੀਪੀ ਯਾਦਵ * ਆਗਾਮੀ ਦਿਨਾਂ ’ਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ : ਐੱਸਐੱਸਪੀ ਚਾਹਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਵਾਸੀ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਘਰਿੰਡਾ ਖੇਤਰ ’ਚ ਸਪਲਾਈ ਕਰਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜਾਣਕਾਰੀ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਚ ਨਾਕਾਬੰਦੀ ਕਰ ਕੇ ਜਸਬੀਰ ਉਰਫ਼ ਮੋਨੂੰ ਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ’ਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ’ਚ ਐੱਨਡੀਪੀਐੱਸ ਐਕਟ ਦੀ ਧਾਰਾ-21 ਤਹਿਤ ਐੱਫਆਈਆਰ ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ।