ਸਮਾਜ ਸੁਧਾਰ ਸੰਸਥਾ ਵੱਲੋਂ ਸੀਐੱਮ ਨੂੰ ਕੀਤਾ ਜਾਵੇਗਾ ਸਨਮਾਨਿਤ : ਭੋਮਾ ਸਮਾਜ ਸੁਧਾਰ ਸੰਸਥਾ ਵੱਲੋਂ ਸੀਐੱਮ ਨੂੰ ਕੀਤਾ ਜਾਵੇਗਾ ਸਨਮਾਨਿਤ - ਭੋਮਾ
Publish Date: Tue, 25 Aug 2026 04:35 PM (IST)
Updated Date: Wed, 26 Aug 2026 04:01 AM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਹਲਕਾ ਮਜੀਠਾ ਦੇ ਪ੍ਰਸਿੱਧ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਵਿਸ਼ਾਲ ਲੋਕ ਮਿਲਣੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੀ ਅਗਵਾਈ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਕਰਨਗੇ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਸ ਦੌਰਾਨ ਸਮਾਜ ਸੁਧਾਰ ਸੰਸਥਾ ਪੰਜਾਬ ਵੱਲੋਂ ਮੁੱਖ ਮੰਤਰੀ ਨੂੰ ਸਮਾਜ ਸੁਧਾਰ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਭੋਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖ ਧਰਮ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਇਤਿਹਾਸਕ ਫੈਸਲੇ ਲਏ ਹਨ, ਜੋ ਪਿਛਲੀਆਂ ਸਰਕਾਰਾਂ ਨਹੀਂ ਲੈ ਸਕੀਆਂ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਗਏ ਹਨ। ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਅਤੇ ਸ਼ਹਿਰ ਦੇ 12 ਦਰਵਾਜ਼ਿਆਂ ਦੇ ਅੰਦਰ ਅਤੇ ਬਾਹਰ ਮੀਟ, ਮੱਛੀ, ਸ਼ਰਾਬ, ਪਾਨ-ਬੀੜੀ ਦੀਆਂ ਦੁਕਾਨਾਂ ਅਤੇ ਠੇਕਿਆਂ ਨੂੰ ਬੰਦ ਕਰਨ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਅਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਬਣਾਉਣਾ ਵੀ ਇੱਕ ਇਤਿਹਾਸਕ ਅਤੇ ਦਲੇਰਾਨਾ ਫੈਸਲਾ ਹੈ। ਭੋਮਾ ਨੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਸੀ, ਪਰ ਕਿਸੇ ਵੀ ਪਿਛਲੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਮੌਜੂਦਾ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਾਗੂ ਕਰ ਕੇ ਸਿੱਖ ਕੌਮ ਦਾ ਦਿਲ ਜਿੱਤਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਪਵਿੱਤਰ ਸ਼ਹਿਰ ਦਾ ਦਰਜਾ ਪੂਰੀ ਤਰ੍ਹਾਂ ਜ਼ਮੀਨੀ ਪੱਧਰ ਤੇ ਲਾਗੂ ਹੋ ਜਾਵੇਗਾ, ਤਾਂ ਸੰਸਥਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਨੇ ਦੇ ਮੈਡਲ ਨਾਲ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਸੁਖਦੀਪ ਸਿੰਘ ਨਾਗ, ਮਨਵੀਰ ਸਿੰਘ ਵਡਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।