ਐੱਨਐੱਚਐੱਮ ਸਿਹਤ ਮੁਲਾਜ਼ਮਾਂ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਐਨਐਚਐਮ ਸਿਹਤ ਮੁਲਾਜ਼ਮਾਂ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Publish Date: Tue, 25 Aug 2026 04:38 PM (IST)
Updated Date: Wed, 26 Aug 2026 04:01 AM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਅੰਮ੍ਰਿਤਸਰ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਸਰਕਾਰ ਵਿਰੋਧੀ ਸਟਰਾਈਕ ਦੌਰਾਨ ਨਾਅਰੇਬਾਜ਼ੀ ਕੀਤੀ ਅਤੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਹੱਕੀ ਮੰਗਾ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕੋਵਿਡ-19 ਮਹਾਂਮਾਰੀ ਸਮੇਤ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਐੱਨਸੀਡੀ, ਟੀਬੀ, ਏਬੀਡੀਐੱਮ ਤੇ ਹੋਰ ਸਿਹਤ ਸੇਵਾਵਾਂ ਵਿਚ ਲਗਾਤਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੀ ਜ਼ਮੀਨੀ ਪੱਧਰ ’ਤੇ ਕਾਰਗੁਜ਼ਾਰੀ ਨੂੰ ਮਜ਼ਬੂਤ ਬਣਾਉਣ ਲਈ ਵੱਡਾ ਯੋਗਦਾਨ ਹੈ•। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਮੰਗ ਪੱਤਰ ਰਾਹੀਂ ਮੁਲਾਜ਼ਮਾਂ ਨੇ ਆਪਣੀਆਂ ਮੁੱਖ ਮੰਗਾਂ ਵਿਚ ਬਰਾਬਰ ਕੰਮ ਬਰਾਬਰ ਤਨਖਾਹ, ਲੋਇਲਟੀ ਬੋਨਸ, ਰੈਗੂਲਰਾਈਜ਼ੇਸ਼ਨ, ਤਨਖਾਹਾਂ ਵਿੱਚ ਵਾਜਬ ਵਾਧਾ, ਸੇਵਾ ਨਿਯਮਾਂ ਵਿੱਚ ਸੁਧਾਰ, ਸਾਲਾਨਾ ਵਾਧਾ, ਉਮਰ ਹੱਦ ਵਿੱਚ ਵਾਧੇ ਸਮੇਤ ਹੋਰ ਮਸਲਿਆਂ ਦਾ ਜ਼ਿਕਰ ਕੀਤਾ। ਇਸ ਮੌਕੇ ਯੂਨੀਅਨ ਆਗੂ ਜਿਲ੍ਹਾ ਪ੍ਰਧਾਨ ਪਵਨ ਕੁਮਾਰ ਬਿਆਲਾ, ਗੌਰਵ ਕੁਮਾਰ, ਡਾ. ਯੋਗਿਤਾ ਪਾਠਕ, ਮੋਨਿਆ, ਪੂਨਮ ਅਤੇ ਹੋਰ ਸਿਹਤ ਕਾਮੇ ਹਾਜ਼ਰ ਸਨ।