27 ਦੇ ਪੰਜਾਬ ਬੰਦ ਨੂੰ ਅਪਥਾਲਮਿਕ ਅਫ਼ਸਰ ਐਸੋ. ਵੱਲੋਂ ਹਮਾਇਤ 27 ਅਗਸਤ ਦੇ ਪੰਜਾਬ ਬੰਦ ਨੂੰ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਵੱਲੋਂ ਹਮਾਇਤ
Publish Date: Tue, 25 Aug 2026 07:21 PM (IST)
Updated Date: Wed, 26 Aug 2026 04:04 AM (IST)
ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦੇ ਹੱਕ ’ਚ ਸੂਬੇ ਭਰ ਦੇ ਅਪਥਾਲਮਿਕ ਅਫ਼ਸਰਾਂ ਨੂੰ ਲਾਮਬੰਦ ਹੋਣ ਦੀ ਅਪੀਲ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਦਿੱਤੇ ਗਏ ਮੁੜ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਅਪਥਾਲਮਿਕ ਅਫ਼ਸਰ ਐਸੋਸੀਏਸ਼ਨ ਨੇ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵੱਖ-ਵੱਖ ਜ਼ਿਿਲ੍ਹਆਂ ਵਿਚ ਤਾਇਨਾਤ ਅਪਥਾਲਮਿਕ ਅਫ਼ਸਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਅਪਥਾਲਮਿਕ ਅਫ਼ਸਰਾਂ ਨਾਲ ਸੰਪਰਕ ਕਰਕੇ 27 ਅਗਸਤ ਦੇ ਬੰਦ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਸਵਿੰਦਰ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ 27 ਅਗਸਤ ਨੂੰ ਬੰਦ ਦੇ ਮੱਦੇਨਜ਼ਰ ਬਾਜ਼ਾਰਾਂ, ਸਰਕਾਰੀ ਦਫ਼ਤਰਾਂ ਅਤੇ ਆਵਾਜਾਈ ਸਮੇਤ ਕੁਝ ਜਨਤਕ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਲਈ ਲੋਕ ਜ਼ਰੂਰੀ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਯਾਤਰਾ ਦੀ ਯੋਜਨਾ ਬਣਾਉਣ ਅਤੇ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਵੱਲੋਂ ਕੀਤਾ ਜਾ ਰਿਹਾ ਇਹ ਸੰਘਰਸ਼ ਸਰਕਾਰ ਤੱਕ ਆਪਣੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਲਈ ਹੈ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਇਸ ਦਾ ਮਕਸਦ ਨਹੀਂ। ਉਨ੍ਹਾਂ ਲੋਕਾਂ ਨੂੰ ਬੰਦ ਦੌਰਾਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਨੂੰ ਲੋਕਾਂ ਦਾ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।