‘ਮਿਸ਼ਨ ਕਲੀਨ ਪੰਜਾਬ’ ਤਹਿਤ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਅਭਿਆਨ ਜਾਰੀ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਪੂਰਬੀ ’ਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਅਭਿਆਨ ਜਾਰੀ
Publish Date: Sun, 30 Aug 2026 07:22 PM (IST)
Updated Date: Mon, 31 Aug 2026 04:05 AM (IST)
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਵਿੱਚ ਚਲਾਇਆ ਜਾ ਰਿਹਾ ਵਿਸ਼ੇਸ਼ ਸਫ਼ਾਈ ਅਭਿਆਨ ਦੂਜੇ ਦਿਨ ਵੀ ਪੂਰੀ ਸਰਗਰਮੀ ਨਾਲ ਜਾਰੀ ਰਿਹਾ। ਮੁਹਿੰਮ ਦੇ ਦੂਜੇ ਦਿਨ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਸਫ਼ਾਈ ਕਰਵਾਈ ਗਈ ਅਤੇ ਸੜਕਾਂ, ਚੌਂਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਸ਼ਹਿਰ ਬਣਾਉਣਾ ਸਾਡੀ ਮੁੱਖ ਤਰਜੀਹ ਹੈ। ਸ਼ਹਿਰ ਦੀ ਨੁਹਾਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸ਼ਹਿਰ ਵਾਸੀ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਪਾਉਣ ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਸੜਕਾਂ ’ਤੇ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਜਾਂ ਨਿਰਧਾਰਿਤ ਡਸਟਬਿਨਾਂ ਵਿੱਚ ਹੀ ਪਾਇਆ ਜਾਵੇ। ਇਸ ਦੇ ਨਾਲ ਹੀ ਵਾਤਾਵਰਨ ਲਈ ਖ਼ਤਰਾ ਬਣ ਰਹੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਵੀ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ। ਹਰ ਨਾਗਰਿਕ ਵੱਲੋਂ ਕੀਤਾ ਗਿਆ ਛੋਟਾ ਜਿਹਾ ਯਤਨ ਵੀ ਸਾਡੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਇੱਕ ਸਾਫ਼-ਸੁਥਰੇ ਅਤੇ ਮਿਸਾਲੀ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ।