.30 ਬੋਰ ਦੀਆਂ 8 ਪਿਸਤੌਲਾਂ ਤੇ 103 ਕਾਰਤੂਸਾਂ ਸਣੇ ਦੋ ਕਾਬੂ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ 8 ਪਿਸਤੌਲਾਂ ਸਮੇਤ ਦੋ ਕਾਬੂ
Publish Date: Thu, 03 Sep 2026 06:40 PM (IST)
Updated Date: Fri, 04 Sep 2026 04:04 AM (IST)
ਕੈਪਸ਼ਨ : ਪ੍ਰੈੱਸ ਕਾਨਫਰੰਸ ਦੌਰਾਨ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਅਤੇ ਹੋਰ ਅਧਿਕਾਰੀ। * ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ * ਮੁਲਜ਼ਮਾਂ ’ਚੋਂ ਇੱਕ ਅਪਰਾਧਿਕ ਪਿਛੋਕੜ ਨਾਲ ਸਬੰਧਤ ਤੇ ਦੂਜਾ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ : ਸੀਪੀ ਗਿੱਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗ਼ੈਰ-ਕਾਨੂੰਨੀ ਪਿਸਤੌਲਾਂ ਤੇ 103 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਕੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਤੇ ਉਸ ਵਿਰੁੱਧ ਅਸਲਾ ਐਕਟ, ਐੱਨਡੀਪੀਐੱਸ ਐਕਟ ਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ’ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ’ਚ ਸਨ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਨਾਕਾ ਲਗਾਇਆ ਤੇ ਰਣਜੀਤ ਸਿੰਘ ਉਰਫ਼ ਜੀਤਾ ਨੂੰ ਇਕ .30 ਬੋਰ ਪਿਸਤੌਲ ਤੇ ਤਿੰਨ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸ ਦੇ ਕਬਜ਼ੇ ’ਚੋਂ ਚਾਰ ਹੋਰ .30 ਬੋਰ ਪਿਸਤੌਲ ਤੇ 100 ਕਾਰਤੂਸ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਰਣਜੀਤ ਉਰਫ਼ ਜੀਤਾ ਤੋਂ ਕੀਤੀ ਪੁੱਛਗਿੱਛ ਦੌਰਾਨ ਉਸਦੇ ਸਾਥੀ ਦੀ ਪਛਾਣ ਗੁਰਬੀਰ ਉਰਫ ਗੋਰਾ ਵਜੋਂ ਹੋਈ ਤੇ ਪੁਲਿਸ ਵੱਲੋਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ’ਚੋਂ ਤਿੰਨ .30 ਬੋਰ ਪਿਸਤੌਲ ਬਰਾਮਦ ਕੀਤੇ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਗੁਰਬੀਰ ਉਰਫ਼ ਗੋਰਾ ਲਗਭਗ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਇਸ ਸਬੰਧੀ ਐੱਫਆਈਆਰ ਨੰਬਰ 264 ਮਿਤੀ 30.08.2026 ਨੂੰ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।