10 ਰੋਜ਼ਾ ਸਫ਼ਾਈ ਅਭਿਆਨ ਦੀ ਹੋਈ ਸਮਾਪਤੀ 10 ਰੋਜ਼ਾ ਸਫ਼ਾਈ ਅਭਿਆਨ ਦੀ ਹੋਈ ਸਮਾਪਤੀ
Publish Date: Mon, 07 Sep 2026 05:35 PM (IST)
Updated Date: Mon, 07 Sep 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਗਏ 10 ਰੋਜ਼ਾ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਸਮਾਪਤੀ ਹੋਈ। ਇਸ 10 ਰੋਜ਼ਾ ਮੁਹਿੰਮ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਨਾਲ ਸਬੰਧਤ ਵਿਆਪਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਅੰਮ੍ਰਿਤਸਰ ਪੱਛਮੀ ਦੇ ਲੋਕਾਂ ਵੱਲੋਂ ਉਨ੍ਹਾਂ ’ਤੇ ਪ੍ਰਗਟ ਕੀਤੇ ਭਰੋਸੇ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਾ ਉਨ੍ਹਾਂ ਦਾ ਮੁੱਖ ਫਰਜ਼ ਹੈ। ਵਿਧਾਇਕ ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਸੜਕਾਂ, ਗਲੀਆਂ, ਪਾਰਕਾਂ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ 10 ਦਿਨਾਂ ਤੱਕ ਸੀਮਿਤ ਨਹੀਂ ਹੈ, ਬਲਕਿ ਹਲਕੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸੁਵਿਧਾਜਨਕ ਬਣਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕਾਰਵਾਈ ਕਰਵਾਉਣ ਵਿੱਚ ਵਿਸ਼ਵਾਸ ਰੱਖਦੇ ਹਨ। ਡਾ. ਸੰਧੂ ਨੇ 10 ਰੋਜ਼ਾ ਸਫ਼ਾਈ ਅਭਿਆਨ ਦੌਰਾਨ ਸਹਿਯੋਗ ਦੇਣ ਲਈ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਅਤੇ ਵਿਕਸਤ ਅੰਮ੍ਰਿਤਸਰ ਪੱਛਮੀ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ।