ਖ਼ਾਲਸਾ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਾਇਆ ਖ਼ਾਲਸਾ ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ
Publish Date: Tue, 08 Sep 2026 04:38 PM (IST)
Updated Date: Wed, 09 Sep 2026 04:02 AM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ (ਐੱਸਵੀਈਈਪੀ) ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਨਾ ਸਿਰਫ਼ ਦੇਸ਼ ਦੀਆਂ ਰਾਜਨੀਤਕ ਸਮੱਸਿਆਵਾਂ ਦੇ ਹੱਲ ’ਚ ਸਹਾਇਕ ਹੋਵੇਗੀ ਸਗੋਂ ਸਮਾਜ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਤੇ ਪੂਰਾ ਵਿਸ਼ਵ ਅੱਜ ਵਾਤਾਵਰਣੀ ਵਿਗਾੜ ਸਮੇਤ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨੌਜਵਾਨਾਂ ਦੀ ਰਾਜਨੀਤਕ ਗਤੀਵਿਧੀਆਂ ’ਚ ਵੱਧ ਤੋਂ ਵੱਧ ਭਾਗੀਦਾਰੀ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਾਕਾਰਾਤਮਕ ਤੇ ਉਸਾਰੂ ਵਰਤੋਂ ਕਰਨ ਅਤੇ ਦੇਸ਼ ਦੀਆਂ ਸਮਾਜਿਕ, ਆਰਥਿਕ ਤੇ ਰਾਜਨੀਤਕ ਸਮੱਸਿਆਵਾਂ ਦੇ ਹੱਲ ਲਈ ਰਾਜਨੀਤਕ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਕਤ ਕਲੱਬ ਦੇ ਨੋਡਲ ਅਫ਼ਸਰ ਡਾ. ਸੁਖਜੀਤ ਸਿੰਘ ਨੇ ਵੋਟ ਦੇ ਅਧਿਕਾਰ ਦੀਆਂ ਇਤਿਹਾਸਕ ਜੜ੍ਹਾਂ ਤੇ ਲੋਕਾਂ ਦੀਆਂ ਵੱਧਦੀਆਂ ਲੋਕਤੰਤਰੀ ਇੱਛਾਵਾਂ ਨਾਲ ਇਸ ਦੇ ਸਬੰਧ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਾਰਥਕ ਤੇ ਸਾਕਾਰਾਤਮਕ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ।