ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ ਅੱਜ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਕਿਸਾਨ ਮੇਲਾ ਅੱਜ
Publish Date: Tue, 08 Sep 2026 04:42 PM (IST)
Updated Date: Wed, 09 Sep 2026 04:02 AM (IST)
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਮੇਲੇ ਦੀ ਪ੍ਰਧਾਨਗੀ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ ਅੰਮ੍ਰਿਤਸਰ ਵਿਖੇ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨ ਖੇਤੀ ਤਕਨੀਕਾਂ ਨਾਲ ਜੋੜਣ ਦੇ ਉਦੇਸ਼ ਨਾਲ ਕੱਲ 9 ਸਤੰਬਰ 2026 ਬੁੱਧਵਾਰ ਨੂੰ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦਾ ਮੁੱਖ ਉਦੇਸ਼ ‘ਵਿਗਿਆਨ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਦੇ ਸੰਦੇਸ਼ ਨੂੰ ਕਿਸਾਨਾਂ ਤੱਕ ਪਹੁੰਚਾਉਣਾ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਅਤੇ ਖੇਤੀ ਮਸ਼ੀਨਰੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ। ਇਨ੍ਹਾਂ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਖੇਤੀਬਾੜੀ ਦੇ ਖੇਤਰ ਵਿਚ ਹੋ ਰਹੀਆਂ ਨਵੀਆਂ ਤਰੱਕੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਵੀ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਫਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਮਾਰਗਦਰਸ਼ਨ ਪ੍ਰਦਾਨ ਕਰਨਗੇ। ਕਿਸਾਨਾਂ ਨੂੰ ਆਉਣ ਵਾਲੀ ਹਾੜ੍ਹੀ ਦੀ ਫ਼ਸਲ ਲਈ ਸੁਧਰੇ ਅਤੇ ਮਿਆਰੀ ਬੀਜ ਵੀ ਉਪਲਬਧ ਕਰਵਾਏ ਜਾਣਗੇ। ਡਾ. ਬਿਕਰਮਜੀਤ ਸਿੰਘ ਨੇ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਖੇਤੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਨਵੀਂ ਅਤੇ ਲਾਭਦਾਇਕ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ।