ਈਟੀਓ ਦੇ ਦਫ਼ਤਰ ਬਾਹਰ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫ਼ਤਰ ਬਾਹਰ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ
Publish Date: Tue, 08 Sep 2026 04:52 PM (IST)
Updated Date: Wed, 09 Sep 2026 04:02 AM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਜੰਡਿਆਲਾ ਗੁਰੂ ਸਥਿਤ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮਾਣ-ਭੱਤਾ ਦੁਗਣਾ ਕਰਨਾ ਤਾਂ ਦੂਰ ਦੀ ਗੱਲ ਹੈ, ਵਰਕਰਾਂ ਅਤੇ ਹੈਲਪਰਾਂ ਨੂੰ ਮਿਲਣ ਵਾਲਾ ਮਾਣ-ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਗੁਣਵੱਤਾ ਦਾ ਹੈ, ਜਿਸ ਕਾਰਨ ਮਾਵਾਂ ਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਰਾਸ਼ਨ ਦੀ ਸਪਲਾਈ ਵਿਚ ਕਥਿਤ ਵੱਡੇ ਘਪਲੇ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖ਼ਲ ਕੀਤੇ ਗਏ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਭਰਤੀ ਨਹੀਂ ਕੀਤੀ ਗਈ ਅਤੇ ਹੁਣ ਕੀਤੀ ਗਈ ਭਰਤੀ ਵਿਚ ਇੰਟਰਵਿਊ ਰੱਖ ਕੇ ਮਨਪਸੰਦ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਹਰਗੋਬਿੰਦ ਕੌਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਇਸ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਤੋਂ ਕੰਮ ਲੈ ਕੇ ਪ੍ਰਤੀ ਲਾਭਪਾਤਰੀ 25 ਰੁਪਏ ਦਿੱਤੇ ਜਾ ਰਹੇ ਹਨ, ਜਦਕਿ ਹੈਲਪਰਾਂ ਨੂੰ ਕੋਈ ਮਿਹਨਤਾਨਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਖੀ ਵਜੋਂ ਕੰਮ ਕਰਨ ਵਾਲੀਆਂ ਵਲੰਟੀਅਰਾਂ ਨੂੰ ਪ੍ਰਤੀ ਫਾਰਮ 300 ਰੁਪਏ ਦੇਣਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਧੱਕਾ ਹੈ। ਇਸ ਮੌਕੇ ਦਲਜਿੰਦਰ ਕੌਰ, ਰਜਵੰਤ ਕੌਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸੰਤੋਸ਼ ਕੌਰ ਵੇਰਕਾ, ਗੁਰਪ੍ਰੀਤ ਕੌਰ, ਬੇਅੰਤ ਕੌਰ ਭੱਟੀ, ਗੁਰਮੀਤ ਕੌਰ ਸਭਰਾ, ਮਨਜੀਤ ਕੌਰ ਪੱਟੀ, ਗੁਰਪ੍ਰੀਤ ਕੌਰ ਰਮਾਣਾ, ਪਰਮਜੀਤ ਕੌਰ ਰਈਆ, ਰਾਜਵਿੰਦਰ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਅਕਵਿੰਦਰ ਕੌਰ, ਰਜਵੰਤ ਕੌਰ ਚੋਹਲਾ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।