ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਆਯੋਜਿਤ
Publish Date: Tue, 08 Sep 2026 05:07 PM (IST)
Updated Date: Wed, 09 Sep 2026 04:02 AM (IST)
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਧਰਮ ਅਧਿਐਨ ਵਿਭਾਗ ਵੱਲੋਂ ਮਹਾਨ ਸਿੱਖ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਅਤੇ ਵਿੱਦਿਅਕ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਸ਼ਖਸੀਅਤਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਜੀਵਨ ਫਲਸਫੇ ਤੋਂ ਜਾਣੂ ਕਰਵਾਉਣਾ ਸੀ। ਸੈਮੀਨਾਰ ਵਿਚ ਮੁੱਖ ਬੁਲਾਰਿਆਂ ਵਜੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਸਿੱਧ ਪ੍ਰਚਾਰਕ ਰਾਜਬੀਰ ਸਿੰਘ ਅਤੇ ਕਾਲਜ ਪ੍ਰੋਫੈਸਰ ਡਾ. ਰਾਜਬੀਰ ਕੌਰ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਆਪਣੇ ਵਿਚਾਰਾਂ ਰਾਹੀਂ ਨਿਹਾਲ ਕੀਤਾ। ਪ੍ਰਚਾਰਕ ਰਾਜਬੀਰ ਸਿੰਘ ਨੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਸਿੱਖ ਪੰਥ ਲਈ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਬਾਬਾ ਜੀਵਨ ਸਿੰਘ ਜੀ ਨੇ ਦਸਮੇਸ਼ ਪਿਤਾ ਤੋਂ ਰੰਘਰੇਟਾ ਗੁਰੂ ਕਾ ਬੇਟਾ ਦਾ ਮਾਣ ਹਾਸਲ ਕੀਤਾ। ਡਾ. ਰਾਜਬੀਰ ਕੌਰ ਨੇ ਆਪਣੇ ਸੰਬੋਧਨ ਵਿਚ ਅਜੋਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਣ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਧਰਮ ਅਧਿਐਨ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਅਧਿਆਤਮਕ ਅਤੇ ਨੈਤਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਇਸ ਪੂਰੇ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਅਹਿਮ ਭੂਮਿਕਾ ਪ੍ਰੋ. ਸੁਖਦੀਪ ਸਿੰਘ ਵੱਲੋਂ ਬਹੁਤ ਹੀ ਬਾਖੂਬੀ ਅਤੇ ਸੁਚੱਜੇ ਢੰਗ ਨਾਲ ਨਿਭਾਈ ਗਈ। ਉਨ੍ਹਾਂ ਨੇ ਆਪਣੀ ਸੁਚੱਜੀ ਸ਼ਬਦਾਵਲੀ ਨਾਲ ਸਾਰੇ ਪ੍ਰੋਗਰਾਮ ਨੂੰ ਇੱਕ ਲੜੀ ਵਿਚ ਪਰੋਈ ਰੱਖਿਆ ਅਤੇ ਸਰੋਤਿਆਂ ਨੂੰ ਪ੍ਰੋਗਰਾਮ ਨਾਲ ਜੋੜਿਆ। ਪ੍ਰੋਗਰਾਮ ਦੇ ਅੰਤ ਵਿਚ ਆਏ ਹੋਏ ਮੁੱਖ ਬੁਲਾਰਿਆਂ ਦਾ ਕਾਲਜ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਸਮੂਹ ਅਧਿਆਪਕ, ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਸੈਮੀਨਾਰ ਤੋਂ ਭਰਪੂਰ ਲਾਹਾ ਲਿਆ।