ਮੰਤਰੀ ਈਟੀਓ ਨੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ ਮੰਤਰੀ ਈਟੀਓ ਨੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ
Publish Date: Sun, 22 Nov 2026 04:50 PM (IST)
Updated Date: Sun, 22 Nov 2026 04:52 PM (IST)
ਗੁਰਪ੍ਰੀਤ ਚੰਦੀ/ਕੁਲਦੀਪ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਠੱਠੀਆਂ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੈਂਟਰ ਦੇ ਨਿਰਮਾਣ ਨਾਲ ਪਿੰਡ ਠੱਠੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨਿਰਮਾਣ 55 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਸੈਂਟਰ ਵਿੱਚ ਡਾਕਟਰ ਰੂਮ, ਡੇਅ ਕੇਅਰ ਰੂਮ, ਵੈਲਨੈੱਸ ਰੂਮ, ਲੈਬ, ਰਿਕਾਰਡ ਰੂਮ ਅਤੇ ਟਾਇਲਟ ਬਲਾਕ ਆਦਿ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹੈਲਥ ਐਂਡ ਵੈਲਨੈੱਸ ਸੈਂਟਰ ਬਹੁਤ ਜਲਦ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਪਿੰਡ ਠੱਠੀਆਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਸਾਲਾਨਾ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਹੈ।