ਜੀਐੱਨਡੀਯੂ ਦੇ ਦਿਵਸ ’ਤੇ ਸਮਾਗਮਾਂ ਦੀ ਹੋਈ ਸ਼ੁਰੂਆਤ ਜੀਐੱਨਡੀਯੂ ਦੇ 57ਵੇਂ ਸਥਾਪਨਾ ਦਿਵਸ ਸਮਾਗਮਾਂ ਦਾ ਸ਼ਰਧਾ ਨਾਲ ਆਗਾਜ਼, ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Sun, 22 Nov 2026 04:56 PM (IST)
Updated Date: Sun, 22 Nov 2026 04:58 PM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਦੇ ਸਮਾਗਮਾਂ ਦਾ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਸ਼ਰਧਾ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਆਗਾਜ਼ ਹੋਇਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਓਐੱਸਡੀ ਹਰਇਕਬਾਲ ਸਿੰਘ, ਸਿੱਖ ਅਧਿਐਨ ਚੇਅਰ ਦੇ ਡਾਇਰੈਕਟਰ, ਡਾ. ਅਮਰਜੀਤ ਸਿੰਘ ਤੋਂ ਇਲਾਵਾ ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ। ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਅਗਲੇ ਦਿਨਾਂ ’ਚ ਵੀ ਜਾਰੀ ਰਹੇਗੀ, ਜਦਕਿ ਮੁੱਖ ਸਮਾਗਮ 24 ਨਵੰਬਰ ਨੂੰ ਕਰਵਾਇਆ ਜਾਵੇਗਾ। ਮੁੱਖ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਕਰਨਗੇ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ ਦੇ ਸਾਬਕਾ ਉਪ-ਕੁਲਪਤੀ ਡਾ. ਜੈ ਰੂਪ ਸਿੰਘ ਅਤੇ ਈਕੋਸਿੱਖ ਦੇ ਸੰਸਥਾਪਕ ਅਤੇ ਗਲੋਬਲ ਪ੍ਰਧਾਨ ਡਾ. ਰਾਜਵੰਤ ਸਿੰਘ ਵਿਸ਼ੇਸ਼ ਅਕਾਦਮਿਕ ਭਾਸ਼ਣ ਦੇਣਗੇ। ਸਥਾਪਨਾ ਦਿਵਸ ਦੇ ਮੁੱਖ ਦਿਨ ਦੀ ਸ਼ੁਰੂਆਤ ਸਵੇਰੇ 8:15 ਵਜੇ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗੀ। ਇਸ ਤੋਂ ਬਾਅਦ ਸਵੇਰੇ 10 ਵਜੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਸਾਹਮਣੇ ਲੋਕ ਕਲਾ ਪ੍ਰਦਰਸ਼ਨੀ ਲਗਾਈ ਜਾਵੇਗੀ, ਜਦਕਿ 10:30 ਵਜੇ ਗੈਲਰੀ ਹਿਸਟਰੀ ਐਂਡ ਡ੍ਰੀਮਜ਼ ਵਿਖੇ ਚਿੱਤਰਕਲਾ ਪ੍ਰਦਰਸ਼ਨੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇਗੀ। ਸਵੇਰੇ 11 ਵਜੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੇ ਅਕਾਦਮਿਕ ਭਾਸ਼ਣਾਂ ਦੌਰਾਨ ਉੱਘੀਆਂ ਸ਼ਖ਼ਸੀਅਤਾਂ ਆਪਣੇ ਵਿਚਾਰ ਸਾਂਝੇ ਕਰਨਗੀਆਂ। ਦਿਨ ਦੇ ਸਮਾਗਮਾਂ ਦੀ ਸਮਾਪਤੀ ਸ਼ਾਮ 7 ਵਜੇ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਨਾਲ ਹੋਵੇਗੀ। ਇਸ ਵਾਰ ਸਥਾਪਨਾ ਦਿਵਸ ਦੇ ਸਮਾਗਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਕੀਤੇ ਗਏ ਹਨ। ਇਸ ਤਰ੍ਹਾਂ ਯੂਨੀਵਰਸਿਟੀ ਦਾ ਇਹ ਮਹੱਤਵਪੂਰਨ ਮੌਕਾ ਸ਼ਹਿਰ ਦੀ ਇਤਿਹਾਸਕ, ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਵੀ ਜੁੜ ਰਿਹਾ ਹੈ। ਸਮਾਗਮਾਂ ਦੀ ਲੜੀ ਵਿੱਚ ਧਾਰਮਿਕ ਸ਼ਰਧਾ, ਅਕਾਦਮਿਕ ਚਿੰਤਨ, ਲੋਕ ਕਲਾ ਅਤੇ ਸੱਭਿਆਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲਣਗੇ।