ਕੈਬਨਿਟ ਮੰਤਰੀ ਈਟੀਓ ਨੇ ਤਿੰਨ ਪਿੰਡਾਂ ’ਚ ਖੇਡ ਮੈਦਾਨਾਂ ਦਾ ਕੀਤਾ ਉਦਘਾਟਨ ਕੈਬਨਿਟ ਮੰਤਰੀ ਈਟੀਓ ਨੇ ਤਿੰਨ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਕੀਤਾ ਉਦਘਾਟਨ
Publish Date: Sun, 22 Nov 2026 05:43 PM (IST)
Updated Date: Sun, 22 Nov 2026 05:46 PM (IST)
ਗੁਰਪ੍ਰੀਤ ਚੰਦੀ/ਕੁਲਦੀਪ ਭੁੱਲਰ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਪੰਜਾਬ ਅਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਤਿੰਨ ਪਿੰਡਾਂ ਤਾਰਾਗੜ੍ਹ, ਬਾਲੀਆਂ ਮੰਝਪੁਰ ਅਤੇ ਵਡਾਲਾ ਜੋਹਲ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਤੇ ਕੁੱਲ 44.52 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਤਾਰਾਗੜ੍ਹ ਦੇ ਖੇਡ ਮੈਦਾਨ ਤੇ 14.82 ਲੱਖ ਰੁਪਏ, ਪਿੰਡ ਬਾਲੀਆਂ ਮੰਝਪੁਰ ਵਿਖੇ 15.31 ਲੱਖ ਰੁਪਏ ਅਤੇ ਪਿੰਡ ਵਡਾਲਾ ਜੋਹਲ ਵਿਖੇ 14.39 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਵਾਲੀਬਾਲ ਕੋਰਟ, ਚੇਨ ਲਿੰਕ ਫੈਂਸਿੰਗ, ਗੇਟ, ਹਾਈ ਮਾਸਟ ਲਾਈਟਾਂ, ਫਲੱਡ ਲਾਈਟਾਂ, ਪੇਂਟ, ਸਬਮਰਸੀਬਲ ਬੋਰ ਅਤੇ ਹਾਈਡ੍ਰੈਂਟ ਆਦਿ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਡਾ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 3,000 ਤੋਂ ਵੱਧ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਵਿਕਸਿਤ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਪੰਜਾਬੀ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਹਲਕਾ ਜੰਡਿਆਲਾ ਗੁਰੂ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਖੇਡ ਸਹੂਲਤਾਂ ਦਾ ਵੱਡੇ ਪੱਧਰ ਤੇ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਬਿਹਤਰ ਮੌਕੇ ਮਿਲਣਗੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋਣਗੇ।