ਅੰਮ੍ਰਿਤਸਰ ਪੁਲਿਸ ਵੱਲੋਂ 1,210 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਅੰਮ੍ਰਿਤਸਰ ਪੁਲਿਸ ਵੱਲੋਂ 1,210 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
Publish Date: Sun, 22 Nov 2026 05:45 PM (IST)
Updated Date: Sun, 22 Nov 2026 05:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਹੁਣ ਤੱਕ ਕੁੱਲ 1,210 ਮੋਬਾਈਲ ਫੋਨ ਬਰਾਮਦ ਕੀਤੇ ਹਨ ਅਤੇ ਇਨ੍ਹਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤਾ ਹੈ। ਇਹ ਕਾਰਵਾਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ ਪੋਰਟਲ ਦੀ ਮਦਦ ਨਾਲ ਸੰਭਵ ਹੋਈ ਹੈ। ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਭਗ 3.07 ਕਰੋੜ ਰੁਪਏ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਸੀਈਆਈਆਰ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਕਰਦਿਆਂ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਅਤੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸ਼ੇਸ਼ ਸੈਮੀਨਾਰ/ਕਾਨਫਰੰਸਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦੌਰਾਨ ਬਰਾਮਦ ਕੀਤੇ ਗਏ ਸਾਰੇ 1,210 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਵਿੱਚ ਲਗਭਗ 30 ਐਪਲ ਆਈਫੋਨ ਅਤੇ 1,180 ਐਂਡਰਾਇਡ ਫੋਨ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ 3,07,00,000 ਰੁਪਏ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਅਤੇ ਵੱਖ-ਵੱਖ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਇਨ੍ਹਾਂ ਮੋਬਾਈਲ ਫੋਨਾਂ ਨੂੰ ਨਾ ਸਿਰਫ਼ ਸਥਾਨਕ ਇਲਾਕਿਆਂ ਵਿੱਚੋਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਵੀ ਲੱਭਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਬਰੇਲੀ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਹੋਰ ਇਲਾਕੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਪੁਲਿਸ ਦੇ ਵੱਖ-ਵੱਖ ਸੂਬਿਆਂ ਦੀ ਪੁਲਿਸ ਨਾਲ ਬਿਹਤਰ ਤਾਲਮੇਲ, ਤਕਨੀਕੀ ਮੁਹਾਰਤ ਅਤੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਇਸ ਸਫ਼ਲ ਮੁਹਿੰਮ ਵਿਚ ਐੱਲਆਰ/ਏਐੱਸਆਈ ਮਨਜਿੰਦਰ ਕੌਰ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ। ਮਨਜਿੰਦਰ ਕੌਰ ਨੇ ਮਾਰਚ 2025 ਵਿੱਚ ਸਾਈਬਰ ਕ੍ਰਾਈਮ ਥਾਣੇ ਵਿਖੇ ਆਪਣੀ ਡਿਊਟੀ ਸੰਭਾਲੀ ਸੀ। ਉਸ ਸਮੇਂ ਤੋਂ ਹੀ ਉਹ ਅਤੇ ਉਨ੍ਹਾਂ ਦੀ ਟੀਮ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਅਤੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀਈਆਈਆਰ ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਰਾਹੀਂ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਉਨ੍ਹਾਂ ਦੇ ਵਿਲੱਖਣ ਆਈਐਮਈਆਈ ਨੰਬਰਾਂ ਦੀ ਮਦਦ ਨਾਲ ਬਲਾਕ ਕਰਨ ਅਤੇ ਟਰੇਸ ਕਰਨ ਦੀ ਸਹੂਲਤ ਮਿਲਦੀ ਹੈ। ਇਸ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਨਾਲ ਅਜਿਹੇ ਮੋਬਾਈਲ ਫੋਨਾਂ ਦੀ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਉਨ੍ਹਾਂ ਦੀ ਬਰਾਮਦਗੀ ਅਤੇ ਅਸਲ ਮਾਲਕਾਂ ਨੂੰ ਵਾਪਸੀ ਯਕੀਨੀ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ। ਆਮ ਲੋਕਾਂ ਨੂੰ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਂਝ ਕੇਂਦਰ ਵਿਖੇ ਇਸ ਦੀ ਸੂਚਨਾ ਦੇਣ ਅਤੇ ਨਾਲ ਹੀ ਭਾਰਤ ਸਰਕਾਰ ਦੇ ਸੀਈਆਈਆਰ ਪੋਰਟਲ ਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ। ਇਸ ਨਾਲ ਸਬੰਧਤ ਅਧਿਕਾਰੀਆਂ ਨੂੰ ਗੁੰਮ ਹੋਏ ਮੋਬਾਈਲ ਫੋਨ ਨੂੰ ਬਲਾਕ ਕਰਨ ਅਤੇ ਟਰੇਸ ਕਰਨ ਵਿੱਚ ਮਦਦ ਮਿਲੇਗੀ। -- ਪੁਲਿਸ ਨੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਲੋਕ-ਪੱਖੀ ਪੁਲਿਸਿੰਗ, ਤਕਨਾਲੋਜੀ ਦੀ ਪ੍ਰਭਾਵਸ਼ਾਲੀ ਵਰਤੋਂ, ਅੰਤਰਰਾਜੀ ਤਾਲਮੇਲ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਗੁੰਮ ਹੋਏ ਮੋਬਾਈਲ ਫੋਨਾਂ ਦੀ ਬਰਾਮਦਗੀ ਅਤੇ ਉਨ੍ਹਾਂ ਦੀ ਮਾਲਕਾਂ ਨੂੰ ਵਾਪਸੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀ ਗੁੰਮ ਹੋਈ ਜਾਇਦਾਦ ਵਾਪਸ ਦਿਵਾਉਣ ਵਿੱਚ ਮਦਦ ਕਰਨਾ, ਉਨ੍ਹਾਂ ਦੇ ਚਿਹਰਿਆਂ ਤੇ ਮੁਸਕਰਾਹਟ ਲਿਆਉਣਾ ਅਤੇ ਪੁਲਿਸ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਲੋਕਾਂ ਨੂੰ ਉਨ੍ਹਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨਾਲ ਮੁੜ ਮਿਲਾਉਣਾ, ਉਨ੍ਹਾਂ ਦੇ ਚਿਹਰਿਆਂ ਤੇ ਮੁਸਕਰਾਹਟ ਲਿਆਉਣਾ ਅਤੇ ਜਨਤਾ ਦਾ ਭਰੋਸਾ ਜਿੱਤਣਾ ਹੈ।