- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਨੇਸ਼ਟਾ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ

* ਡੀਏਵੀ ਪਬਲਿਕ ਸਕੂਲ ਨੇਸ਼ਟਾ ਵਿਖੇ ਉਤਸ਼ਾਹ ਨਾਲ ਮਨਾਇਆ ਸੰਵਿਧਾਨ ਦਿਵਸ
* ਸੰਵਿਧਾਨ ਕਿਸੇ ਵੀ ਦੇਸ਼ ਦੀ ਆਤਮਾ ਹੁੰਦਾ ਹੈ : ਪ੍ਰਿੰਸੀਪਲ ਡਾ. ਭੱਟੀ
ਫੋਟੋ : 14
ਕੈਪਸ਼ਨ : ਸਕੂਲ ’ਚ ਮਨਾਏ ਗਏ ਸੰਵਿਧਾਨ ਦਿਵਸ ਦੌਰਾਨ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਗੁਰਬਿੰਦਰ ਸਿੰਘ ਭੱਟੀ।
ਤਜਿੰਦਰ ਸਿੰਘ, ਪੰਜਾਬੀ ਜਾਗਰਣ
ਅਟਾਰੀ : ਸਰਹੱਦੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ (ਅਟਾਰੀ) ਵਿਖੇ ਵਿਦਿਆਰਥੀਆਂ ਅੰਦਰ ਸੰਵਿਧਾਨਕ ਚੇਤਨਾ, ਦੇਸ਼ ਪ੍ਰਤੀ ਜ਼ਿੰਮੇਵਾਰੀ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਜਿਸ ’ਚ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਸ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਇਤਿਹਾਸ, ਇਸ ਦੀ ਰਚਨਾ, ਸੰਵਿਧਾਨ ਸਭਾ ਦੀ ਭੂਮਿਕਾ, ਵੱਖ-ਵੱਖ ਧਾਰਾਵਾਂ ਅਤੇ ਸਮੇਂ-ਸਮੇਂ ਤੇ ਕੀਤੀਆਂ ਗਈਆਂ ਸੰਵਿਧਾਨਕ ਸੋਧਾਂ ਬਾਰੇ ਚਰਚਾ ਕੀਤੀ। ਇਸ ਮੌਕੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਸ਼ਾਸਨ ਪ੍ਰਬੰਧ ਦੀ ਬੁਨਿਆਦ ਹੈ ਅਤੇ ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਵਰਗੇ ਮਹੱਤਵਪੂਰਨ ਸਿਧਾਂਤਾਂ ਨਾਲ ਜੋੜਦਾ ਹੈ। ਸਕੂਲ ਪ੍ਰਿੰਸੀਪਲ ਡਾ. ਗੁਰਵਿੰਦਰ ਸਿੰਘ ਭੱਟੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸੰਵਿਧਾਨ ਕਿਸੇ ਵੀ ਦੇਸ਼ ਦੀ ਆਤਮਾ ਹੁੰਦਾ ਹੈ। ਇਹ ਸਿਰਫ ਕਾਨੂੰਨੀ ਦਸਤਾਵੇਜ਼ ਹੀ ਨਹੀਂ ਸਗੋਂ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ, ਕਰਤਵਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਦਾ ਮਾਰਗਦਰਸ਼ਕ ਵੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚਿਆਂ ਨੂੰ ਭਾਰਤੀ ਸੰਵਿਧਾਨ ਦੀ ਸਹੀ ਜਾਣਕਾਰੀ ਹੋਵੇਗੀ ਤਾਂ ਉਹ ਦੇਸ਼ ਦੀ ਆਤਮਾ, ਲੋਕਤੰਤਰੀ ਪ੍ਰਣਾਲੀ ਅਤੇ ਇਸ ਦੀਆਂ ਮੂਲ ਕਦਰਾਂ-ਕੀਮਤਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ ਆਪਣੇ ਅਧਿਕਾਰਾਂ ਬਾਰੇ ਹੀ ਨਹੀਂ ਸਗੋਂ ਆਪਣੇ ਸੰਵਿਧਾਨਕ ਫਰਜ਼ਾਂ ਬਾਰੇ ਵੀ ਜਾਣੂ ਹੋਣਾ ਚਾਹੀਦਾ ਹੈ। ਇਕ ਚੰਗੇ ਨਾਗਰਿਕ ਦੀ ਪਛਾਣ ਉਸ ਦੇ ਅਧਿਕਾਰਾਂ ਦੀ ਵਰਤੋਂ ਦੇ ਨਾਲ-ਨਾਲ ਦੇਸ਼, ਸਮਾਜ ਅਤੇ ਦੂਜੇ ਨਾਗਰਿਕਾਂ ਪ੍ਰਤੀ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਤੋਂ ਵੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਆਪਸੀ ਭਾਈਚਾਰੇ ਅਤੇ ਸਮਾਨਤਾ ਦੀ ਭਾਵਨਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੂਜਾ ਗੁਪਤਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਵਿਧਾਨ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ 26 ਨਵੰਬਰ ਦਾ ਦਿਨ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ 1949 ’ਚ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ।
ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦੀਆਂ ਮੂਲ ਭਾਵਨਾਵਾਂ ਨੂੰ ਸਮਝਣ ਅਤੇ ਆਪਣੇ ਰੋਜ਼ਾਨਾ ਜੀਵਨ ’ਚ ਇਨ੍ਹਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀਏਵੀ ਸੰਸਥਾਵਾਂ ਦੇ ਡਾਇਰੈਕਟਰ ਡਾ. ਵੀਕੇ ਚੋਪੜਾ, ਚੇਅਰਮੈਨ ਸੁਦਰਸ਼ਨ ਕਪੂਰ, ਏਆਰਓ ਡਾ: ਅੰਜਨਾ ਗੁਪਤਾ ਅਤੇ ਸਕੂਲ ਪ੍ਰਬੰਧਕ ਡਾ. ਨੀਰਾ ਸ਼ਰਮਾ ਨੇ ਵੀ ਭਾਰਤੀ ਸੰਵਿਧਾਨ ਦੀ ਵਿਸ਼ਾਲਤਾ ਅਤੇ ਮਹੱਤਤਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸੰਵਿਧਾਨ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਪ੍ਰਣਾਲੀ ਦਾ ਮਜ਼ਬੂਤ ਆਧਾਰ ਦੱਸਿਆ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਇਹ ਅਹਿਮ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਦੇ ਇਤਿਹਾਸ, ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਵੀ ਜਾਣਕਾਰੀ ਦੇਣ, ਤਾਂ ਜੋ ਉਹ ਭਵਿੱਖ ਵਿੱਚ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣ ਸਕਣ। ਇਸੇ ਤਰ੍ਹਾਂ ਸਕੂਲ ਵੱਲੋਂ ਮਨਾਇਆ ਗਿਆ ਸੰਵਿਧਾਨ ਦਿਵਸ ਵਿਦਿਆਰਥੀਆਂ ’ਚ ਸੰਵਿਧਾਨਕ ਜਾਗਰੂਕਤਾ, ਦੇਸ਼ ਭਗਤੀ ਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਨ ਵਾਲਾ ਸਾਰਥਕ ਉਪਰਾਲਾ ਸਾਬਤ ਹੋਇਆ।