‘ਮਹਾਰਾਜਾ ਰਣਜੀਤ ਸਿੰਘ ਜੀ ਨੂੰ ਯਾਦ ਕਰਦਿਆਂ’ ਵਿਸ਼ੇ 'ਤੇ ਭਾਸ਼ਣ ਕਰਵਾਇਆ ਖਾਲਸਾ ਕਾਲਜ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ
Publish Date: Sat, 28 Nov 2026 06:39 PM (IST)
Updated Date: Sun, 29 Nov 2026 04:05 AM (IST)
ਕੈਪਸ਼ਨ : ਸਮਾਰੋਹ ਦੌਰਾਨ ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸੋਹਲ, ਸਾਬਕਾ ਪ੍ਰੋਫੈਸਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਤੇ ਹੋਰ। * ਖਾਲਸਾ ਕਾਲਜ ਨੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਵਸ ਮਨਾਇਆ * ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਹਾਰਾਜਾ ਰਣਜੀਤ ਸਿੰਘ ਜੀ ਦੀ 246ਵੀਂ ਜਯੰਤੀ ਨੂੰ ਸਮਰਪਿਤ ਖਾਲਸਾ ਕਾਲਜ ਅੰਮ੍ਰਿਤਸਰ ਦੇ ਇਤਿਹਾਸ ਵਿਭਾਗ ਵੱਲੋਂ ‘ਮਹਾਰਾਜਾ ਰਣਜੀਤ ਸਿੰਘ ਜੀ ਨੂੰ ਯਾਦ ਕਰਦਿਆਂ’ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਸੁਖਦੇਵ ਸਿੰਘ ਸੋਹਲ, ਸਾਬਕਾ ਪ੍ਰੋਫੈਸਰ ਤੇ ਮੁਖੀ, ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਮੁੱਖ ਬੁਲਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਦੇ ਉਸਾਰੂ ਪਹਿਲੂਆਂ ਤੋਂ ਸਿੱਖਿਆ ਲੈ ਕੇ ਉਨ੍ਹਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਆਪਣੇ ਭਾਸ਼ਣ ਦੌਰਾਨ ਡਾ. ਸੁਖਦੇਵ ਸਿੰਘ ਸੋਹਲ ਨੇ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜੀ ਆਧੁਨਿਕਤਾ, ਕੂਟਨੀਤਕ ਸੂਝ-ਬੂਝ ਅਤੇ ਅਗਾਂਹਵਧੂ ਰਾਜ ਪ੍ਰਬੰਧ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਪਹਿਲੂਆਂ ਦਾ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦੇ ਜੀਵਨ ਤੋਂ ਧਰਮ ਨਿਰਪੱਖਤਾ, ਸਮਾਵੇਸ਼ੀ ਸੋਚ ਅਤੇ ਬਿਹਤਰ ਪ੍ਰਸ਼ਾਸਨਿਕ ਪ੍ਰਬੰਧ ਵਰਗੀਆਂ ਕਦਰਾਂ-ਕੀਮਤਾਂ ਨੂੰ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਸੰਤੁਲਿਤ ਨਾਗਰਿਕ ਅਤੇ ਫ਼ੌਜੀ ਪ੍ਰਸ਼ਾਸਨ ਰਾਹੀਂ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਇਕਜੁੱਟ ਰਾਜ ਦੀ ਸਥਾਪਨਾ ਕੀਤੀ ਅਤੇ ਸ਼ਾਨਦਾਰ ਸ਼ਾਸਨ ਪ੍ਰਣਾਲੀ ਦੀ ਮਿਸਾਲ ਪੇਸ਼ ਕੀਤੀ। ਇਸ ਤੋਂ ਪਹਿਲਾਂ ਵਿਭਾਗ ਦੇ ਇੰਚਾਰਜ ਡਾ. ਸੁਖਜੀਤ ਸਿੰਘ ਨੇ ਭਾਸ਼ਣ ਦੇ ਵਿਸ਼ੇ ਬਾਰੇ ਜਾਣ-ਪਛਾਣ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਜਸਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਡੀਨ, ਆਰਟਸ ਐਂਡ ਹਿਊਮੈਨਿਟੀਜ਼, ਪ੍ਰੋ. ਜਸਪ੍ਰੀਤ ਕੌਰ ਨੇ ਅੰਤ ਵਿੱਚ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਹਰਮਨਦੀਪ ਸਿੰਘ ਸੋਹਲ, ਡਾ. ਮੋਹਨਬੀਰ ਕੌਰ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਗੁਰਸਾਹਿਬ ਸਿੰਘ, ਪ੍ਰੋ. ਟਿੰਡਰਪਾਲ ਸਿੰਘ, ਪ੍ਰੋ. ਜਸ਼ਨਪ੍ਰੀਤ ਕੌਰ ਤੇ ਪ੍ਰੋ. ਖੁਸ਼ਪ੍ਰੀਤ ਕੌਰ ਵੀ ਹਾਜ਼ਰ ਸਨ।