- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰਕਾਰਤਾ ਕੇਵਲ ਲੋਕਤੰਤਰ ਦਾ ਥੰਮ੍ਹ ਹੀ ਨਹੀਂ, ਸਮਾਜ ਪ੍ਰਤੀ ਵੱਡੀ ਜ਼ਿੰਮੇਵਾਰੀ : ਵੀਸੀ

ਫੋਟੋ - 10 ਹਿੰਦੀ
* ਕਿਹਾ, ਪੱਤਰਕਾਰ ਤੱਥਾਂ ਦੀ ਸਹੀ ਪੜਤਾਲ, ਨਿਰਪੱਖਤਾ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਦੇਣ ਪਹਿਲ
* ਪੱਤਰਕਾਰਾਂ ਨੂੰ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਪੱਤਰਕਾਰੀ ਸਿਰਫ਼ ਲੋਕਤੰਤਰ ਦਾ ਚੌਥਾ ਥੰਮ੍ਹ ਹੀ ਨਹੀਂ, ਸਗੋਂ ਸਮਾਜ ਪ੍ਰਤੀ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਪੱਤਰਕਾਰਾਂ ਦੀ ਭੂਮਿਕਾ ਸਿਰਫ਼ ਘਟਨਾਵਾਂ ਦੀ ਰਿਪੋਰਟਿੰਗ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਬਲਕਿ ਉਨ੍ਹਾਂ ਘਟਨਾਵਾਂ ਦੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨਾ, ਜ਼ਿੰਮੇਵਾਰੀ ਤੈਅ ਕਰਨਾ ਤੇ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਲੋੜੀਂਦੇ ਕਦਮਾਂ ਨੂੰ ਉਜਾਗਰ ਕਰਨਾ ਵੀ ਪੱਤਰਕਾਰੀ ਦਾ ਅਹਿਮ ਫ਼ਰਜ਼ ਹੈ।
ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਕਰਵਾਈ ਗਈ ਕੌਮੀ ਪੱਤਰਕਾਰ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਪੱਤਰਕਾਰਾਂ ਵੱਲੋਂ ਪ੍ਰਕਾਸ਼ਿਤ ਖ਼ਬਰਾਂ, ਲੇਖ ਅਤੇ ਉਠਾਏ ਗਏ ਮੁੱਦੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਤਿਹਾਸਕ ਦਸਤਾਵੇਜ਼ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਉਭਾਰੇ ਗਏ ਮੁੱਦੇ ਪ੍ਰਸ਼ਾਸਨਿਕ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਨੀਤੀਆਂ ਵਿੱਚ ਤਬਦੀਲੀ ਅਤੇ ਸਮਾਜਿਕ ਸੁਧਾਰਾਂ ਦਾ ਆਧਾਰ ਵੀ ਬਣ ਸਕਦੇ ਹਨ। ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫ਼ਲਸਫ਼ਾ ਸੱਚੇ ਆਚਰਨ, ਸੇਵਾ ਅਤੇ ਮਨੁੱਖੀ ਦੁੱਖਾਂ ਪ੍ਰਤੀ ਸੰਵੇਦਨਸ਼ੀਲਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਖੋਜ ਦੇ ਨਾਲ-ਨਾਲ ਇਮਾਨਦਾਰੀ ਅਤੇ ਨੈਤਿਕ ਆਚਰਨ ਪੱਤਰਕਾਰੀ ਲਈ ਵੀ ਓਨੇ ਹੀ ਮਹੱਤਵਪੂਰਨ ਹਨ। ਗੁਰੂ ਨਾਨਕ ਦੇਵ ਜੀ ਦੀ ਬਾਬਰਵਾਣੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਆਮ ਲੋਕਾਂ ਦੀਆਂ ਚਿੰਤਾਵਾਂ ਤੇ ਤਕਲੀਫ਼ਾਂ ਨੂੰ ਆਪਣੀ ਲਿਖਤ ਰਾਹੀਂ ਪ੍ਰਗਟ ਕਰਨਾ ਚਾਹੀਦਾ ਹੈ।
ਏਆਈ ਦੇ ਵਧ ਰਹੇ ਪ੍ਰਭਾਵ ਬਾਰੇ ਗੱਲ ਕਰਦਿਆਂ ਉਪ-ਕੁਲਪਤੀ ਨੇ ਕਿਹਾ ਕਿ ਇਸ ਤਕਨੀਕ ਨੇ ਲਿਖਣ ਅਤੇ ਜਾਣਕਾਰੀ ਇਕੱਠੀ ਕਰਨ ਦੇ ਕੰਮ ਨੂੰ ਕਾਫ਼ੀ ਸੁਖਾਲਾ ਬਣਾ ਦਿੱਤਾ ਹੈ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ਨੈਤਿਕ ਆਰਟੀਫਿਸ਼ੀਅਲ ਇੰਟੈਲੀਜੈਂਸ ਕੇਂਦਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੱਤਰਕਾਰ ਤਕਨੀਕ ਰਾਹੀਂ ਬਚਾਏ ਗਏ ਸਮੇਂ ਦੀ ਵਰਤੋਂ ਲੋਕ-ਮਸਲਿਆਂ ਦੀ ਡੂੰਘਾਈ ਨਾਲ ਪੜਤਾਲ ਕਰਨ ਅਤੇ ਉਨ੍ਹਾਂ ਦੇ ਸਮਾਜਿਕ ਪ੍ਰਭਾਵਾਂ ਨੂੰ ਸਮਝਣ ਲਈ ਕਰ ਸਕਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਤਕਨੀਕੀ ਤਰੱਕੀ ਪੱਤਰਕਾਰੀ ਦੀ ਇਮਾਨਦਾਰੀ ਅਤੇ ਤੱਥਾਂ ਦੀ ਪੜਤਾਲ ਦਾ ਬਦਲ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਹਰ ਜਾਣਕਾਰੀ ਦੀ ਭਰੋਸੇਯੋਗ ਸਰੋਤਾਂ ਤੋਂ ਪੁਸ਼ਟੀ ਕਰਨੀ ਲਾਜ਼ਮੀ ਹੈ ਅਤੇ ਖ਼ਬਰ ਤੇ ਨਿੱਜੀ ਵਿਚਾਰ ਵਿਚਕਾਰ ਸਪੱਸ਼ਟ ਅੰਤਰ ਕਾਇਮ ਰੱਖਣਾ ਚਾਹੀਦਾ ਹੈ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਗਏ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਆਗਾਮੀ 450 ਸਾਲਾ ਵਰ੍ਹੇਗੰਢ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਸ਼ਹਿਰ ਦੀ ਅਮੀਰ ਵਿਰਾਸਤ, ਸੱਭਿਆਚਾਰ ਤੇ ਵਿਕਾਸ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੇ ਭਵਿੱਖੀ ਵਿਕਾਸ ਲਈ ਇੱਕ ਵਿਜ਼ਨ ਦਸਤਾਵੇਜ਼ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਪਹਿਲਕਦਮੀ ਵਿੱਚ ਪੱਤਰਕਾਰ ਭਾਈਚਾਰੇ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੱਤਰਕਾਰਾਂ ਦਾ ਤਜਰਬਾ, ਸੁਝਾਅ ਅਤੇ ਸਥਾਨਕ ਮੁੱਦਿਆਂ ਬਾਰੇ ਉਨ੍ਹਾਂ ਦੀ ਸਮਝ ਸ਼ਹਿਰ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ’ਚ ਮਹੱਤਵਪੂਰਨ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਤੇ ਮੀਡੀਆ ਭਾਈਚਾਰੇ ਵਿਚਕਾਰ ਵਧੇਰੇ ਸਹਿਯੋਗ ਨਾਲ ਨਾ ਸਿਰਫ਼ ਪੱਤਰਕਾਰੀ ਦੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਸਗੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮਾਜਿਕ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਵੀ ਸਾਰਥਕ ਯੋਗਦਾਨ ਮਿਲੇਗਾ। ਇਸ ਮੌਕੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੀਸੀ ਪ੍ਰੋ. ਡਾ. ਕਰਮਜੀਤ ਸਿੰਘ ਆਦਿ ਮੌਜੂਦ ਸਨ।