ਅੰਮਿ੍ਤਪਾਲ ਸਿੰਘ, ਅੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਇਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਦੌਰਾਨ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਜਟ ਇਜਲਾਸ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ ਹੋਵੇਗਾ ਅਤੇ ਬਜਟ ਦੀ ਤੈਅ ਤਾਰੀਕ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਬਜਟ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ ਤਾਂ ਜੋ ਬਜਟ ਸਬੰਧੀ ਮੈਂਬਰ ਆਪਣਾ ਸੁਝਾਅ ਪਹਿਲਾਂ ਹੀ ਦੇ ਦੇਣ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਲਈ ਟੀਨ ਦੇ ਸ਼ੈੱਡ ਅਤੇ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਲੰਗਰਾਂ ਅਤੇ ਪਾਖਾਨਿਆਂ ਆਦਿ ਦੀਆਂ ਸੇਵਾਵਾਂ ਵੀ ਜਾਰੀ ਰਹਿਣਗੀਆਂ। ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅੰਮਿ੍ਤਸਰ ਤੋਂ 15 ਮਾਰਚ ਨੂੰ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਦਿੱਲੀ ਵਿਖੇ ਸੰਪੂਰਨ ਹੋਵੇਗਾ। ਮੁੱਖ ਸਮਾਗਮ 1 ਮਈ ਅੰਮਿ੍ਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼ ਦੁਨੀਆਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਦੇ ਪ੍ਰਤੀਨਿਧ ਆਗੂ ਸ਼ਮੂਲੀਅਤ ਕਰਨਗੇ।

ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਆਰੰਭ ਕੀਤੇ ਜਾ ਚੁੱਕੇ ਹਨ। ਬੰਗਲਾ ਦੇਸ਼ ਤੋਂ ਇਲਾਵਾ ਪਟਨਾ ਸਾਹਿਬ, ਨਾਨਕਮਤਾ ਸਾਹਿਬ, ਧਮਧਾਨ ਸਾਹਿਬ, ਹਰਿਆਣਾ, ਕਾਨ੍ਹਪੁਰ, ਅਤੇ ਦੇਸ਼ ਦੇ ਹੋਰ ਭਾਗਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਕਾਲਾ ਸਾਹਿਬ, ਅੰਮਿ੍ਤਸਰ ਆਦਿ ਥਾਵਾਂ 'ਤੇ ਸਮਾਗਮ ਹੋਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖੇ ਗਏ ਪੱਤਰ ਦੇ ਜਵਾਬ ਵਿਚ ਸਰਕਾਰ ਨੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕੇ, ਡਾਕ ਟਿਕਟ ਅਤੇ ਚਿੱਠੀ ਪੱਤਰ ਲਿਫਾਫੇ ਜਾਰੀ ਕਰਨ ਬਾਰੇ ਸ਼੍ਰੋਮਣੀ ਕਮੇਟੀ ਦੀ ਰਾਇ ਮੰਗੀ ਗਈ ਹੈ, ਜਿਸ ਸਬੰਧੀ ਸਬ-ਕਮੇਟੀ ਫੈਸਲਾ ਲਵੇਗੀ। ਗੁਰੂ ਸਾਹਿਬ ਦੀ ਬਾਣੀ ਅਤੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਭਾਰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

ਅੰਤਿ੍ੰਗ ਕਮੇਟੀ ਦੀ ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਤਬੀਰ ਸਿੰਘ ਧਾਮੀ ਤੇ ਸੁਪਰੀਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੈਕਸੀਨੇਸ਼ਨ ਜ਼ਰੂਰੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਜਾਰੀ ਹੈ ਅਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਵਾਕਸੀਨ ਟੀਕਾਕਰਣ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣਾ ਟੀਕਾਕਰਣ ਸਮੇਂ ਸਿਰ ਕਰਵਾਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਸਿੱਖਾਂ ਦੀਆਂ ਭਾਵਨਾਵਾਂ 'ਤੇ ਸੱਟ ਨਹੀਂ ਮਾਰਨੀ ਚਾਹੀਦੀ। ਪਹਿਲੇ ਪਾਤਸ਼ਾਹ ਦੇ ਇਸ ਪਾਵਨ ਅਸਥਾਨ ਦਾ ਲਾਂਘਾ ਖੋਲ੍ਹਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।

Posted By: Susheel Khanna