'ਨਸ਼ਾ ਤਸਕਰਾਂ ਦਾ ਹੋਵੇ ਪੂਰਨ ਬਾਈਕਾਟ', ਜਥੇਦਾਰ ਨੇ ਪਰਵਿੰਦਰ ਝੋਟਾ ਦੇ ਇਨਸਾਫ਼ ਲਈ 28 ਅਕਤੂਬਰ ਨੂੰ ਅਰਦਾਸ ਦਾ ਦਿੱਤਾ ਸੱਦਾ
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।
Publish Date: Sun, 25 Oct 2026 12:30 PM (IST)
Updated Date: Sun, 25 Oct 2026 12:37 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ ਨੂੰ ਦੇਸ਼ ਵਿਦੇਸ਼ ’ਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।