ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦੇਣ ਲਈ ਅੱਜ ਕੱਢੀ ਜਾਵੇਗੀ ਵਿਸ਼ਾਲ ਬਾਈਕਰ ਰੈਲੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 13 ਨਵੰਬਰ ਨੂੰ ਅੰਮ੍ਰਿਤਸਰ ਵਿਖੇ 'ਪੰਜਾਬ ਅਗੇਂਸਟ ਡਰੱਗਜ਼' ਬੈਨਰ ਹੇਠ ਵਿਸ਼ਾਲ ਬਾਈਕਰ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਜਿਲਾ
Publish Date: Thu, 12 Nov 2026 04:37 PM (IST)
Updated Date: Thu, 12 Nov 2026 04:39 PM (IST)
1200 ਬਾਈਕਰ ਲੈਣਗੇ ਹਿੱਸਾ, ਦੁਸਹਿਰਾ ਗਰਾਊਂਡ ਰਣਜੀਤ ਐਵੇਨਿਊ ਤੋਂ ਹੋਵੇਗਾ ਰੈਲੀ ਦਾ ਫਲੈਗ ਆਫ਼ ਕੈਬਨਿਟ ਮੰਤਰੀ ਤੇ ਵਿਧਾਇਕ ਰੈਲੀ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 13 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਅਗੇਂਸਟ ਡਰੱਗਜ਼ ਬੈਨਰ ਹੇਠ ਵਿਸ਼ਾਲ ਬਾਈਕਰ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਜਿਲਾ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਲਗਭਗ 1200 ਬਾਈਕਰ ਸ਼ਮੂਲੀਅਤ ਕਰਨਗੇ। ਬਾਈਕ ਰੈਲੀ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲਵੀ ਮਿਸ਼ਰਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਤੋਂ ਪਹਿਲਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਜ਼ਿਲ੍ਹੇ ਦੇ ਨਸ਼ਿਆਂ ਦੇ ਹਾਟਸਪਾਟ ਇਲਾਕਿਆਂ ਵਿਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਉਪਰੰਤ ਇਨ੍ਹਾਂ ਇਲਾਕਿਆਂ ਤੋਂ ਸਾਰੇ ਬਾਈਕਰ ਦੁਪਹਿਰ 02:30 ਵਜੇ ਅੰਮ੍ਰਿਤਸਰ ਦੇ ਦੁਸ਼ਹਿਰਾ ਗਰਾਊਂਡ ਵਿਖੇ ਪਹੁੰਚਣਗੇ, ਜਿੱਥੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਈਕਰ ਰੈਲੀ ਨੂੰ ਰਵਾਨਾ ਕਰਨ ਲਈ ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਬਾਈਕਰ ਰੈਲੀ ਦਾ ਫਲੈਗ ਆਫ਼ ਦੁਸ਼ਹਿਰਾ ਗਰਾਊਂਡ, ਰਣਜੀਤ ਐਵੀਨਿਊ, ਅੰਮ੍ਰਿਤਸਰ ਤੋਂ ਹੋਵੇਗਾ। ਇਹ ਰੈਲੀ ਰਣਜੀਤ ਐਵੀਨਿਊ ਦੁਸ਼ਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਟ੍ਰਿਲੀਅਮ ਮਾਲ, ਮਜੀਠਾ ਰੋਡ, ਸੰਤ ਸਿੰਘ ਸੁੱਖਾ ਸਿੰਘ ਚੌਂਕ, ਨਾਵਲਟੀ ਚੌਂਕ, ਕ੍ਰਿਸਟਲ ਚੌਂਕ, ਭੰਡਾਰੀ ਪੁਲ, ਅਲਫਾ ਵਨ, ਤਾਰਾਂ ਵਾਲੇ ਪੁਲ ਤੋਂ ਯੂ-ਟਰਨ ਲੈਂਦਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰਿਆਲਟੋ ਚੌਂਕ ਅਤੇ ਕਚਹਿਰੀ ਚੌਂਕ ਤੋਂ ਹੁੰਦੀ ਹੋਈ ਵਾਪਸ ਦੁਸ਼ਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਾਈਕਰ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਐੱਸਡੀਐੱਮ ਅੰਮ੍ਰਿਤਸਰ-2 ਗੁਰਮੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਿਤ ਧਵਨ, ਏਡੀਸੀ ਟ੍ਰੈਫਿਕ ਅਮਨਦੀਪ ਕੌਰ, ਨਗਰ ਨਿਗਮ ਅੰਮ੍ਰਿਤਸਰ ਦੇ ਸਿਹਤ ਅਧਿਕਾਰੀ ਯੋਗੇਸ਼ ਕੁਮਾਰ, ਐਸਪੀ ਅੰਮ੍ਰਿਤਸਰ ਦਿਹਾਤੀ ਰਮਨਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸ ਇੰਦਰ ਸਿੰਘ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।