- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇੱਕ ਮਹੀਨੇ ਬਾਅਦ ਆਪਣੇ ਬਿਆਨਾਂ ਲਈ ਮਾਫ਼ੀ ਮੰਗ ਲਈ ਹੈ। ਪਾਇਲ ਤੋਂ ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਆਪਣੀ ਗ਼ਲਤੀ ਸਵੀਕਾਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਧਾਰਮਿਕ ਸਜ਼ਾ (ਤਨਖ਼ਾਹ) ਭੁਗਤਣ ਲਈ ਸਮਾਂ ਮੰਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇੱਕ ਮਹੀਨੇ ਬਾਅਦ ਆਪਣੇ ਬਿਆਨਾਂ ਲਈ ਮਾਫ਼ੀ ਮੰਗ ਲਈ ਹੈ।
ਪਾਇਲ ਤੋਂ ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਆਪਣੀ ਗ਼ਲਤੀ ਸਵੀਕਾਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਧਾਰਮਿਕ ਸਜ਼ਾ (ਤਨਖ਼ਾਹ) ਭੁਗਤਣ ਲਈ ਸਮਾਂ ਮੰਗਿਆ ਹੈ।
ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਐਲਾਨਿਆ ਗਿਆ ਸੀ। ਉਨ੍ਹਾਂ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ 'ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਤੇ ਧਾਰਮਿਕ ਸ਼ਖ਼ਸੀਅਤਾਂ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਸੀ।
ਦਰਅਸਲ, 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਪਹੁੰਚੇ ਸਨ। ਇਸ ਵਫ਼ਦ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਵੀ ਸ਼ਾਮਲ ਸਨ ਪਰ ਉਨ੍ਹਾਂ ਨੂੰ ਸਕੱਤਰੇਤ ਵਿੱਚ ਦਾਖ਼ਲਾ ਨਹੀਂ ਮਿਲਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਦਲਿਤ ਭਾਈਚਾਰੇ ਨਾਲ ਸਬੰਧ ਰੱਖਣ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਨੇ ਇਸ ਘਟਨਾਕ੍ਰਮ ਨੂੰ ਜਾਤੀ ਵਿਤਕਰੇ ਨਾਲ ਜੋੜਦਿਆਂ ਸਵਾਲ ਖੜ੍ਹੇ ਕੀਤੇ ਸਨ।
ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੂੰ ਜਾਤ ਦੇ ਆਧਾਰ 'ਤੇ ਦਾਖ਼ਲੇ ਤੋਂ ਨਹੀਂ ਰੋਕਿਆ ਗਿਆ, ਸਗੋਂ ਸਿੱਖ ਸੰਸਥਾਵਾਂ ਅਤੇ ਜਥੇਦਾਰ ਖ਼ਿਲਾਫ਼ ਪਹਿਲਾਂ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਅੰਦਰ ਨਹੀਂ ਜਾਣ ਦਿੱਤਾ ਗਿਆ ਸੀ। ਸਕੱਤਰੇਤ ਨੇ ਕਿਹਾ ਸੀ ਕਿ ਜਾਤ, ਨਸਲ ਜਾਂ ਰੰਗ ਦੇ ਆਧਾਰ 'ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ।
ਇਸ ਤੋਂ ਬਾਅਦ 16 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕਰੀਬ 12 ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ। ਉਨ੍ਹਾਂ ਨੇ ਲਿਖਤੀ ਸਪੱਸ਼ਟੀਕਰਨ ਵਿੱਚ ਮੰਨਿਆ ਸੀ ਕਿ 12 ਅਕਤੂਬਰ ਨੂੰ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਦੋਸ਼ਾਂ ਦਾ ਉਨ੍ਹਾਂ ਨੇ ਜਨਤਕ ਤੌਰ 'ਤੇ ਵਿਰੋਧ ਨਹੀਂ ਕੀਤਾ ਸੀ। ਵਿਧਾਇਕਾਂ ਨੇ ਗਿਆਸਪੁਰਾ ਦੇ ਬਿਆਨਾਂ ਤੋਂ ਖ਼ੁਦ ਨੂੰ ਵੱਖ ਕਰਦਿਆਂ ਇਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਵਿਚਾਰ ਦੱਸਿਆ ਅਤੇ ਆਪਣੀ ਗ਼ਲਤੀ ਲਈ ਮਾਫ਼ੀ ਮੰਗੀ ਸੀ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗਿਆਸਪੁਰਾ ਨੂੰ ਤਨਖਾਹੀਆ ਐਲਾਨਦਿਆਂ ਸੰਗਤ ਨੂੰ ਹਦਾਇਤ ਕੀਤੀ ਗਈ ਸੀ ਕਿ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਧਾਰਮਿਕ ਸਜ਼ਾ ਭੁਗਤਣ ਦੀ ਪ੍ਰਕਿਰਿਆ ਪੂਰੀ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਿਆ ਜਾਵੇ।
ਗਿਆਸਪੁਰਾ ਵੱਲੋਂ ਮਾਫ਼ੀ ਮੰਗਣ ਅਤੇ ਧਾਰਮਿਕ ਸਜ਼ਾ ਭੁਗਤਣ ਲਈ ਸਮਾਂ ਮੰਗਣ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੈਅ ਕੀਤੀ ਜਾਵੇਗੀ।